- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਜ਼ੋਰਦਾਰ ਪ੍ਰਦਰਸ਼ਨ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਡੀਏ ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਖਾਸ ਗੱਲ ਇਹ ਰਹੀ ਜਦੋਂ ਪ੍ਰਦਰਸ਼ਨਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਵੱਲ ਵਧੇ ਤਾਂ ਮੰਤਰੀ ਨੇ ਖੁ਼ਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਧਰਨੇ ਵਿੱਚ ਆਕੇ ਸਿੱਧੀ ਗੱਲਬਾਤ ਕੀਤੀ।
ਧਰਨਾਕਾਰੀ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਾਂਝੀਆਂ ਕੀਤੀਆਂ ਪੇਸ਼ਕਸ਼ਾਂ ਦੌਰਾਨ ਹੂਟਿੰਗ ਕਰਦੇ ਰਹੇ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਕਨਵੀਨਰ ਰਣਜੀਤ ਸਿੰਘ ਰਾਣਵਾਂ, ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਕੁਲਵਿੰਦਰ ਸਿੰਘ ਢਿੱਲੋਂ, ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਮੇਲਾ ਸਿੰਘ ਪੁੰਨਾਵਾਲ, ਗੁਰਪ੍ਰੀਤ ਸਿੰਘ ਮੰਗਵਾਲ, ਰਾਜਵੀਰ ਸਿੰਘ ਬਡਰੁੱਖਾਂ, ਗੁਰਸਿਮਰਤ ਸਿੰਘ ਜਖੇਪਲ, ਰਘਵੀਰ ਭਵਾਨੀਗੜ੍ਹ,ਦਾਤਾ ਨਮੋਲ ਅਤੇ ਦਰਸ਼ਨ ਸਿੰਘ ਭਰੂਰ ਨੇ ਸੰਬੋਧਨ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਇਸੇ ਕਾਰਨ ਮੁਲਾਜ਼ਮ ਵਰਗ ਸਰਕਾਰ ਦੇ ਖਿਲਾਫ ਰੱਜ ਕੇ ਭੜਾਸ ਕੱਢ ਰਿਹਾ ਹੈ। ਉਨ੍ਹਾਂ ਸਰਕਾਰ ਠਤੇ ਵਾਅਦਿਆਂ ਤੋਂ ਮੁਕਰਨ, ਪ੍ਰਚਾਰ 'ਤੇ ਫੰਡ ਬਰਬਾਦ ਕਰਨ ਅਤੇ ਮੁਲਾਜ਼ਮਾਂ ਨੂੰ ਡਰਾਉਣ-ਧਮਕਾਉਣ ਦੇ ਗੰਭੀਰ ਦੋਸ਼ ਲਗਾਏ।
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਸਤੀਸ਼ ਰਾਣਾ ਨੇ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਤਿੰਨ ਦਿਨ ਪਹਿਲਾਂ ਮੁਲਾਜ਼ਮਾਂ ਨੂੰ ਦਿੱਤੀ ਗਈ ਕਥਿਤ ਚੇਤਾਵਨੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਬਕਾਏ ਰੋਕਣ ਲਈ ਖਾਲੀ ਖਜ਼ਾਨੇ ਦਾ ਬਹਾਨਾ ਬਣਾਉਂਦੀ ਹੈ, ਜਦਕਿ ਅਸਲੀਅਤ ਇਹ ਹੈ ਕਿ ਸਰਕਾਰ ਆਪਣੇ ਖਰਚਿਆਂ ਨੂੰ ਕੰਟਰੋਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਖਜ਼ਾਨੇ ਦਾ ਪੈਸਾ ‘ਦਿੱਲੀ ਦੀ ਫੌਜ’ (ਆਪ ਦੀ ਦਿੱਲੀ-ਅਧਾਰਤ ਲੀਡਰਸ਼ਿਪ/ਟੀਮ ਵੱਲ ਇਸ਼ਾਰਾ), ਸਰਕਾਰੀ ਮੰਤਰੀਆਂ ਅਤੇ ਚੇਅਰਮੈਨਾਂ ’ਤੇ ਪਾਣੀ ਵਾਂਗ ਰੋੜਿਆ ਜਾ ਰਿਹਾ ਹੈ, ਜਦਕਿ ਪ੍ਰਚਾਰ ’ਤੇ ਭਾਰੀ ਰਕਮ ਬਰਬਾਦ ਕੀਤੀ ਜਾ ਰਹੀ ਹੈ।