ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ
ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ
Publish Date: Tue, 17 Mar 2026 05:03 PM (IST)
Updated Date: Wed, 18 Mar 2026 04:07 AM (IST)

ਸੂਬਾ ਸਰਕਾਰ ’ਤੇ ਲਾਏ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਰਣਦੀਪ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੁਲਵਿੰਦਰ ਸਿੰਘ ਸਿੱਧੂ, ਸੁਰਿੰਦਰ ਸਿੰਘ ਤੇ ਦਵਿੰਦਰ ਸਿੰਘ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨਾਲ਼ ਕੀਤੇ ਵਾਅਦੇ ਨੂੰ ਪੂਰਾ ਕਰਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਕੀਤੀ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਨਾਲ਼ ਧੋਖਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2021 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ 2 ਲੱਖ ਐੱਨਪੀਐੱਸ ਮੁਲਾਜ਼ਮਾਂ ਨਾਲ਼ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ 01-01-2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਪੰਜਾਬ ਦੇ ਇਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਹੈ। ਜਦਕਿ ਰਾਜਸਥਾਨ, ਛੱਤੀਸਗੜ੍ਹ, ਝਾੜਖੰਡ, ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਵੱਲੋਂ ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਜਾ ਰਹੀ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਰੱਦ ਕਰਦੇ ਹੋਏ ਪੰਜਾਬ ਸਰਕਾਰ ਤੋਂ 1972 ਦੇ ਪੈਂਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਜਿੱਥੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨਾਲ ਹੱਥੋਪਾਈ ਹੋਣ ਨੂੰ ਕਾਹਲੇ ਪਏ ਹਨ ਉਥੇ ਹੀ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਸਕੀਮ ਠੰਢੇ ਬਸਤੇ ਵਿੱਚ ਪਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਨੇ ਆਪਣੀ ਟਰਮ ਦਾ ਆਖਰੀ ਬਜ਼ਟ ਪੇਸ਼ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੈ। ਆਮ ਆਦਮੀ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।