
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅੱਠ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆ ’ਚ ਰੋਸ

ਪੱਤਰ ਪ੍ਰੇਰਕ, ਪੰਜਾਬੀ ਜਾਗਗਣ, ਪਟਿਆਲਾ : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਰੋਸ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੇਵਾ-ਮੁਕਤ ਅਧਿਆਪਕਾਂ ਤੇ ਕਰਮਚਾਰੀਆਂ ਦੇ ਪੈਨਸ਼ਨ ਪੀਪੀਓ ਜਾਰੀ ਨਾ ਹੋਣ ਕਾਰਨ ਵੀ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਪਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਮਦਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਪਾਲ ਨੇ ਕਿਹਾ ਕਿ ਅੱਠ-ਅੱਠ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਘਰੇਲੂ ਖਰਚੇ, ਬੱਚਿਆਂ ਦੀ ਪੜ੍ਹਾਈ ਤੇ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਬਕਾਇਆ ਤਨਖਾਹਾਂ ਜਾਰੀ ਕਰੇ।ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਵੀ ਜਾਰੀ ਨਹੀਂ ਕੀਤੇ ਜਾ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਹਾਈ ਕੋਰਟ ਵਿਚ ਸਰਕਾਰ ਵੱਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਸਰਕਾਰੀ ਸਕੂਲਾਂ ਦੇ ਕਰਮਚਾਰੀਆਂ ਵਾਂਗ ਬਕਾਏ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਹਰਵਿੰਦਰ ਪਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ‘ਕਾਲਾ ਅਧਿਆਪਕ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਸਰਕਾਰ ਤੋਂ ਤਨਖਾਹਾਂ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਪੈਨਸ਼ਨ ਪੀ.ਪੀ.ਓ. ਸਮੇਤ ਲੰਬਿਤ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ 5 ਸਤੰਬਰ ਦੇ ਰੋਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।