ਚੰਦੁਮਾਜਰਾ ਨੇ ਅਨਾਜ ਮੰਡੀ ’ਚ ਖ਼ਰੀਦ ਪ੍ਰਬੰਧਾ ਦਾ ਲਿਆ ਜਾਇਜ਼ਾ ਹਰਿੰਦਰਪਾਲ ਸਿੰਘ ਚੰਦੁਮਾਜਰਾ ਨੇ ਅਨਾਜ ਮੰਡੀ ਬਲਬੇੜ੍ਹਾ ’ਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲਿਆ
Publish Date: Thu, 08 Oct 2026 06:44 PM (IST)
Updated Date: Thu, 08 Oct 2026 06:44 PM (IST)
ਭੁਪਿੰਦਰ ਸਿੰਘ ਲਵਲੀ, •ਪੰਜਾਬੀ ਜਾਗਰਣ •ਬਲਬੇੜ੍ਹਾ : ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਸਬਾ ਬਲਬੇੜਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਫਸਲ ਦੀ ਆਮਦ,ਖਰੀਦ, ਲਿਫਟਿੰਗ ਅਤੇ ਹੋਰ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਸਰਕਾਰ ਨੂੰ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫਸਲ ਦੀ ਸਮੇਂ ਸਿਰ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਤੇਜ਼ੀ ਨਾਲ ਹੋਣੀ ਚਾਹੀਦੀ ਹੈ। ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੀ.ਸੀ. ਲਿਮਟ190 ਮੀਟਰਿਕ ਟਨ ਤੋਂ ਘਟਾ ਕੇ 180 ਮੀਟਰਿਕ ਟਨ ਕਰ ਦਿੱਤੀ ਗਈ ਹੈ, ਜਦਕਿ ਇਸ ਨੂੰ ਵਧਾ ਕੇ ਲਗਭਗ 225 ਮੀਟਰਿਕ ਟਨ ਦੇ ਕਰੀਬ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨੀ ਨਾਲ ਹਦਰਦੀ ਰੱਖਦਿਆਂ ਇਸ ਸਮੇਂ ਦਿੱਲੀ ਵਿੱਚ ਹੋਣਾ ਚਾਹੀਦਾ ਸੀ, ਤਾਂ ਜੋ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕਰਵਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਖਰੀਦ ਏਜੰਸੀਆਂ ਕੋਲ ਲੋੜੀਂਦੇ ਫੰਡ ਉਪਲਬਧ ਹੋਣ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਮਿਲਣੀ ਚਾਹੀਦੀ ਹੈ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਵੀ ਮੰਡੀ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਸਾਬਕਾ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਕਰਮਜੀਤ ਸਿੰਘ ਪ੍ਰਧਾਨ ਆੜਤੀ ਐਸੋਸੀਏਸ਼ਨ ਬਲਬੇੜ੍ਹਾ, ਪ੍ਰਧਾਨ ਜਤਿੰਦਰ ਸਿੰਘ ਪਹਾੜੀਪੁਰ, ਜਥੇਦਾਰ ਨਿਰੰਜਨ ਸਿੰਘ ਅਲੀਪੁਰ ਜੱਟਾਂ,ਆੜਤੀ ਹਰਕੇਸ਼ ਕੁਮਾਰ ਮਿੱਤਲ, ਰਾਜੀਵ ਗਰਗ, ਗੁਰਮੇਲ ਸਿੰਘ, ਜੋਰਾ ਸਿੰਘ ,ਚਮਲ ਲਾਲ, ਨਰੇਸ਼ ਕੁਮਾਰ, ਪ੍ਰਿਤਪਾਲ ਸ਼ਰਮਾ, ਅਮਰਜੀਤ ਗਿਰੀ ਮੁਨੀਮ, ਦਲਬੀਰ ਸਿੰਘ ਅਲੀਪੁਰ ਜੱਟਾਂ, ਸੁਰਜੀਤ ਸਿੰਘ ਚਰਾਸੋ ਸਾਬਕਾ ਸਰਪੰਚ, ਸੋਮਨਾਥ ਪੰਜੋਲਾ ਆਦਿ ਹਾਜ਼ਰ ਸਨ।