ਕਿਸਾਨ ਮਜ਼ਦੂਰ ਐਸੋਸੀਏਸ਼ਨ ਵੱਲੋਂ ਡੀਸੀ ਦਫਤਰ ਅੱਗੇ ਪ੍ਰਦਰਸ਼ਨ
ਕਿਸਾਨ ਮਜਦੂਰ ਐਸੋਸੀਏਸ਼ਨ ਦਾ ਡੀਸੀ ਦਫਤਰ ਅੱਗੇ ਪ੍ਰਦਰਸ਼ਨ
Publish Date: Sat, 28 Feb 2026 05:38 PM (IST)
Updated Date: Sat, 28 Feb 2026 05:40 PM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਵੱਲੋਂ ਮਜ਼ਦੂਰਾਂ ਨੂੰ ਕਾਨੂੰਨੀ ਹੱਕ ਦਿਵਾਉਣ ਲਈ ਸ਼ਨਿਚਰਵਾਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ’ਚ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਨਾਲ ਖੁੱਲ੍ਹੀ ਲੁੱਟ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਰਤ ਕਮਿਸ਼ਨਰ ਵੱਲੋਂ ਨਿਰਧਾਰਿਤ ਰੇਟਾਂ ਤੋਂ ਘੱਟ ਮਿਹਨਤਾਨਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਦਿਲਵਰ ਖਾਨ ਨੇ ਦੱਸਿਆ ਕਿ ਇੱਕ ਪਾਸੇ ਭੱਠਾ ਮਾਲਕ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਤੇ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਰਾਹੀਂ ਨਾਜਾਇਜ਼ ਦਬਾਅ ਬਣਾਇਆ ਜਾ ਰਿਹਾ ਹੈ। ਮਜ਼ਦੂਰਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ ਘੱਟ ਉਜਰਤ ਮਨਜ਼ੂਰ ਕਰਨ ਲਈ ਹਾਮੀ ਭਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੋ ਤਿੰਨ ਮਜ਼ਦੂਰਾਂ ’ਤੇ ਬਡਰੁੱਖਾਂ ਪੁਲਿਸ ਚੌਕੀ ਵਿਖੇ ਨਾਜਾਇਜ਼ ਪਰਚੇ ਦਰਜ ਕੀਤੇ ਰੱਦ ਕੀਤੇ ਗਏ ਹਨ। ਆਗੂਆਂ ਨੇ ਕਿਹਾ ਕਿ ਇਹ ਨਾ ਸਿਰਫ਼ ਮਜ਼ਦੂਰਾਂ ਨਾਲ ਆਰਥਿਕ ਸ਼ੋਸ਼ਣ ਹੈ, ਸਗੋਂ ਉਨ੍ਹਾਂ ਦੇ ਸੰਵਿਧਾਨਕ ਹੱਕਾਂ ’ਤੇ ਵੀ ਹਮਲਾ ਹੈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਜਦੋ ਤੱਕ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਕਾਨੂੰਨੀ ਹੱਕ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ ਅਤੇ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ, ਲੇਬਰ ਕਮਿਸ਼ਨ ਅਧਿਕਾਰੀਆਂ ਨਾਲ 2 ਮਾਰਚ ਨੂੰ ਮੀਟਿੰਗ ਰੱਖੀ ਗਈ ਹੈ। ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਨੀਟੂ, ਪੰਜਾਬ ਦੇ ਮੀਡੀਆ ਇੰਚਾਰਜ ਗੁਰਜੀਤ ਸਿੰਘ ਨੇ ਕਿਹਾ ਜਿੰਨਾ ਚਿਰ ਪ੍ਰਸ਼ਾਸਨ ਭੱਠਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਕਰਦਾ, ਇਹ ਧਰਨਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਭੱਠਾ ਮਜ਼ਦੂਰ ਵਿੰਗ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਖਾਂ ਫੌਜੀ, ਲੁਧਿਆਣਾ ਦੇ ਆਗੂ ਮਾਲੀ ਖਾਂ, ਜਸਵਿੰਦਰ ਸਿੰਘ ਪੱਪੂ, ਪਰਗਟ ਸਿੰਘ ਖਾਲਸਾ ,ਗੁਰਸੇਵਕ ਸਿੰਘ, ਜੱਗੀ ਖਾਂ ਮਾਨਸਾ ਹਾਜ਼ਰ ਸਨ। ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਤੇ ਆਏ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੁਖਵਿੰਦਰ ਸਿੰਘ ਢਿੱਲਵਾਂ, ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਆਗੂ ਸੁਖਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਆਗੂ ਪੁੱਜੇ।