- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਬੰਦ ਹੋਣ ’ਤੇ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਨਾਭਾ ’ਚ ਸਰਕਾਰ ਵੱਲੋਂ ਝੋਨੇ ਦੀ ਖਰੀਦ ਬੰਦ ਕੀਤੇ ਜਾਣ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ’ਤੇ ਧਰਨਾ ਲਗਾ ਕੇ ਮਾਰਕੀਟ ਕਮੇਟੀ ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਤੇ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਕਿਸਾਨ ਆਗੂ ਅੱਛਰ ਸਿੰਘ ਭੋਜੋ ਮਾਜਰੀ ਤੇ ਹਰਦੀਪ ਸਿੰਘ ਘਨੁੜਕੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਮੰਡੀਆਂ ’ਚ ਵੱਡੀ ਮਾਤਰਾ ’ਚ ਝੋਨਾ ਪਿਆ ਹੋਣ ਦੇ ਬਾਵਜੂਦ ਖਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਸਬੰਧੀ ਜਾਰੀ ਹਦਾਇਤਾਂ ਅਨੁਸਾਰ 1 ਅਕਤੂਬਰ ਤੋਂ 30 ਨਵੰਬਰ ਤੱਕ ਖਰੀਦ ਜਾਰੀ ਰਹਿਣੀ ਸੀ ਅਤੇ ਮੰਡੀਆਂ ’ਚ ਫ਼ਸਲ ਦੀ ਆਮਦ ਤੱਕ ਸਰਕਾਰੀ ਖਰੀਦ ਹੋਣੀ ਸੀ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਅਲੌਹਰਾਂ ਨੇ ਕਿਹਾ ਕਿ ਲਿਫਟਿੰਗ ਦੀ ਰਫ਼ਤਾਰ ਮੱਠੀ ਹੋਣ ਕਾਰਨ ਮੰਡੀ ’ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਤੇ ਫ਼ਸਲ ਖੁੱਲ੍ਹੇ ਅਸਮਾਨ ਹੇਠ ਪਈ ਹੈ। ਉਨ੍ਹਾਂ ਕਿਹਾ ਕਿ ਖਰੀਦ ਬੰਦ ਹੋਣ ਨਾਲ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਖਰੀਦ ਸ਼ੁਰੂ ਨਾ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਘੁੰਮਣ ਸਿੰਘ ਰਾਜਗੜ੍ਹ, ਅਵਤਾਰ ਸਿੰਘ ਕੈਦੂਪੁਰ, ਪਰਵਿੰਦਰ ਸਿੰਘ ਬਨੇਰਾ ਖੁਰਦ, ਗੁਰਪ੍ਰੀਤ ਸਿੰਘ ਘਣੀਵਾਲ, ਜਰਨੈਲ ਸਿੰਘ ਗੁਣੀਕੇ, ਹਰਿੰਦਰਜੀਤ ਸਿੰਘ ਲੁਬਾਣਾ, ਇੰਦਰਜੀਤ ਸਿੰਘ ਸਹੌਲੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਹਰਬੰਸ ਸਿੰਘ ਥੂਹੀ, ਸੁਖਵੰਤ ਸਿੰਘ ਕੌਲ ਤੇ ਸੁਰਿੰਦਰ ਅਗੋਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਹਾਜ਼ਰ ਸਨ।