ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ’ਚ ਵਧਿਆ ਰੋਹ
ਭਾਰਤ ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ’ਚ ਵਧਿਆ ਰੋਹ
Publish Date: Tue, 17 Feb 2026 04:40 PM (IST)
Updated Date: Wed, 18 Feb 2026 04:03 AM (IST)
ਆਪ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਦੇਣਗੇ ਧਰਨੇ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਤੋਂ ਬਾਅਦ ਕਿਸਾਨਾਂ ਵਿਚ ਸਰਕਾਰਾਂ ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਨਾਲ ਸੂਬੇ ਦੀ ਸਰਕਾਰ ਵੀ ਚੁੱਪ ਧਾਰੀ ਬੈਠੀ ਹੈ। ਸੰਯੁਕਤ ਕਿਸਾਨ ਮੋਰਚੇ ਨੇ 22 ਫ਼ਰਵਰੀ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਭਾਜਪਾ ਆਗੂਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਸੋਮਵਾਰ ਨੂੰ ਪਿੰਡ ਉਗਰਾਹਾਂ ਦੇ ਡੇਰਾ ਟੀਕਮ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੇ ਅਮਰੀਕਾ ਨਾਲ ਵਪਾਰ ਸਮਝੌਤਾ ਕਰ ਕੇ ਖੇਤੀ ਸੈਕਟਰ ਨੂੰ ਤਬਾਹ ਕਰਨ ਵੱਲ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਪ੍ਰਭਾਵਿਤ ਹੋਣ ਨਾਲ ਮਜ਼ਦੂਰਾਂ ਤੇ ਵਪਾਰੀਆਂ ’ਤੇ ਵੀ ਮਾਰੂ ਅਸਰ ਪਵੇਗਾ। ਬੁਲਾਰਿਆਂ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਕੇਂਦਰੀ ਹਕੂਮਤ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਚੁੱਪ ਧਾਰਕੇ ਬੈਠੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਭਾਜਪਾ ਆਗੂਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਬਲਾਕ ਆਗੂ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਦੋ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਨੂੰ ਜੇਲ ਵਿੱਚੋਂ ਰਿਹਾਅ ਕਰਵਾਉਣ ਲਈ 18 ਫ਼ਰਵਰੀ ਨੂੰ ਬਠਿੰਡਾ ਡੀਸੀ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ। ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ।
ਇਸ ਮੌਕੇ ਪਾਲ ਸਿੰਘ ਦੌਲੇਵਾਲਾ, ਲਾਲੀ ਸਿੰਘ ,ਜੀਤ ਸਿੰਘ ਗੰਢੂਆਂ, ਗੁਰਤੇਜ ਸਿੰਘ ਮੈਦੇਵਾਸ ਹਾਜ਼ਰ ਸਨ।