ਮੰਡੀਆਂ 'ਚ ਕਿਸਾਨ ਰੁਲ਼ ਰਿਹਾ, ਡੀਏਪੀ ਲਈ ਹੋ ਰਹੀ ਲੁੱਟ : ਮੁਖਮੇਲਪੁਰ ਮੰਡੀਆਂ 'ਚ ਕਿਸਾਨ ਰੁਲ ਰਿਹਾ, ਡੀਏਪੀ ਲਈ ਹੋ ਰਹੀ ਲੁੱਟ : ਹਰਪ੍ਰੀਤ ਕੌਰ ਮੁਖਮੇਲਪੁਰ
Publish Date: Tue, 03 Nov 2026 04:47 PM (IST)
Updated Date: Tue, 03 Nov 2026 04:47 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਪੰਜਾਬ ਵਿਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ, ਜਦਕਿ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ।ਬੀਬੀ ਮੁਖਮੇਲਪੁਰ ਨੇ ਕਿਹਾ ਕਿ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਦੇਰੀ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਤੋਂ ਇਲਾਵਾ ਹਾੜ੍ਹੀ ਦੀ ਫ਼ਸਲ ਲਈ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਐਡਵਾਂਸਮੈਂਟ ਵੀ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਖਾਦ ਅਤੇ ਹੋਰ ਖੇਤੀ ਲੋੜਾਂ ਪੂਰੀਆਂ ਕਰਨ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨਾਂ ਦੀ ਖੁੱਲ੍ਹੇਆਮ ਲੁੱਟ ਹੋ ਰਹੀ ਹੈ। ਸਰਕਾਰ ਕਿਸਾਨਾਂ ਨੂੰ ਲੋੜੀਂਦੀ ਖਾਦ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ ਸ਼ੁਰੂ ਕਰਕੇ ਖਾਦ ਦੀ ਸਪਲਾਈ ਯਕੀਨੀ ਨਾ ਬਣਾਈ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਰੁੱਧ ਵੱਡਾ ਸੰਘਰਸ਼ ਵਿੱਢੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।