ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ : ਗੋਲਡੀ
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ- ਗੋਲਡੀ
Publish Date: Mon, 13 Apr 2026 06:51 PM (IST)
Updated Date: Tue, 14 Apr 2026 04:08 AM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਮੰਡੀਆਂ ’ਚ ਕਣਕ ਦੀ ਖਰੀਦ ਨਾ ਹੋਣ ਕਾਰਨ ਅੰਨਦਾਤਾ ਪਰੇਸ਼ਾਨੀ ਦੇ ਆਲਮ ’ਚ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਕਣਕ ਦੀ ਖਰੀਦ ਸੁਚਾਰੂ ਹੋਣ ਦੇ ਦਾਅਵੇ ਕੋਰਾ ਝੂਠ ਦਿਖਾਈ ਦੇ ਰਹੇ ਹਨ। ਸੋਮਵਾਰ ਨੂੰ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਪੁੱਜੇ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਆਖਿਆ ਕਿ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗ ਗਏ ਹਨ ਲੇਕਿਨ ਸੂਬੇ ਦੀ ਸਰਕਾਰ ਵੱਲੋਂ ਖ਼ਰੀਦ ਨੂੰ ਇਹ ਕਹਿਕੇ ਰੋਕਿਆ ਜਾ ਰਿਹਾ ਹੈ ਕਿ ਕਣਕ ਦੀ ਨਮੀ ਮਾਪਦੰਡਾਂ ਅਨੁਸਾਰ ਢੁਕਵੀਂ ਨਹੀਂ ਹੈ। ਮੰਡੀਆਂ ਵਿਚ ਜਗ੍ਹਾ-ਜਗ੍ਹਾ ਅਜਿਹੀਆਂ ਸਥਿਤੀਆਂ ਵੇਖੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਲਾਪ੍ਰਵਾਹੀ ਕਾਰਨ ਪਿਛਲੇ 8 ਦਿਨਾਂ ਤੋਂ ਮੰਡੀਆਂ ’ਚ ਫਸਲਾਂ ਪਈਆਂ ਹਨ, ਪਰ ਖਰੀਦ ਸ਼ੁਰੂ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਦਾ ਸਿਖ਼ਰ ਹੋਣ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਅਜੇ ਤੱਕ ਵੀ ਕੇਂਦਰ ਸਰਕਾਰ ਨਾਲ ਸਹੀ ਢੰਗ ਨਾਲ ਤਾਲਮੇਲ ਨਹੀਂ ਕਰ ਸਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਗੁਣਵੱਤਾ ਦਾ ਮੁਆਇਨਾ ਕਰਨ ਲਈ ਅੱਜ ਕੇਂਦਰ ਸਰਕਾਰ ਦੀ ਇੱਕ ਟੀਮ ਮੰਡੀਆਂ ਵਿੱਚ ਪਹੁੰਚੀ ਹੈ। ਇਸ ਤੋਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਫੈਸਲਾ ਲਿਆ ਜਾਵੇਗਾ, ਜਿਸ ਨਾਲ ਖਰੀਦ ਪ੍ਰਕਿਰਿਆ ਵਿੱਚ ਹੋਰ ਦੇਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਗੁਣਵੱਤਾ ਚੰਗੀ ਹੈ ਅਤੇ ਅਨਾਜ ਵਿੱਚ ਕੋਈ ਖਾਸ ਕਮੀ ਨਹੀਂ ਹੈ, ਫਿਰ ਵੀ ਏਜੰਸੀਆਂ ਨੇ ਖਰੀਦ ਰੋਕ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦਾ ਦਾਅਵਾ ਕੀਤਾ ਸੀ, ਪਰ ਜ਼ਮੀਨੀ ਸਥਿਤੀ ਇਸ ਦੇ ਉਲਟ ਹੈ। ਇਸ ਮੌਕੇ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਢਿੱਲ ਦੇਣ ਵਾਲੀ ਫਾਈਲ ਜਮ੍ਹਾਂ ਕਰਨ ’ਚ ਦੇਰੀ ਕਾਰਨ ਖਰੀਦ ਪ੍ਰਕਿਰਿਆ ’ਚ ਰੁਕਾਵਟ ਆਈ ਹੈ। ਉਨ੍ਹਾਂ ਨੇ ਲਸਟਰ ਲੌਸ ਵਰਗੀਆਂ ਸਥਿਤੀਆਂ ਨੂੰ ਕਿਸਾਨਾਂ ਲਈ ਨੁਕਸਾਨਦੇਹ ਦੱਸਿਆ ਤੇ ਇਸਨੂੰ ਖ਼ਤਮ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਖਰੀਦ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।