- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਦੀਆਂ ਨੀਤੀਆਂ ਨਾਲ ਕਿਸਾਨਾਂ ਨੂੰ ਮਿਲਿਆ ਲਾਭ: ਸਹਿਜਪਾਲ ਲਾਡਾ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਘਨੌਰ ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਹਿਜਪਾਲ ਸਿੰਘ ਲਾਡਾ ਨੇ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਪਾਈਪਲਾਈਨਾਂ ਵਿਛਾਉਣ ਤੇ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਵਰਗੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਉਪਰਾਲਿਆਂ ਨਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿਚ ਵਾਧਾ ਹੋਇਆ ਹੈ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਨੂੰ ਵੀ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦੀ ਯੋਜਨਾ ਵੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਸਾਲ 2025 ਦੇ ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਲਈ ‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ ਤਹਿਤ ਰਾਹਤ ਦੇਣ ਅਤੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤ ਦੀ ਵਰਤੋਂ ਸਬੰਧੀ ਸਹੂਲਤਾਂ ਦੇਣ ਦੇ ਫ਼ੈਸਲੇ ਨੂੰ ਵੀ ਉਨ੍ਹਾਂ ਕਿਸਾਨਾਂ ਲਈ ਅਹਿਮ ਕਦਮ ਕਰਾਰ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਮੁੜ ਮੌਕਾ ਦੇਣਗੇ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ।