ਚੰਡੀਗੜ੍ਹ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ ਚੰਡੀਗੜ੍ਹ ਮੋਰਚੇ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ
Publish Date: Thu, 09 Jul 2026 04:14 PM (IST)
Updated Date: Fri, 10 Jul 2026 04:00 AM (IST)
10 ਜੁਲਾਈ ਦੇ ਚੰਡੀਗੜ੍ਹ ਮੋਰਚੇ ਲਈ ਭਾਕਿਯੂ ਏਕਤਾ ਉਗਰਾਹਾਂ ਨੇ ਪਿੰਡਾਂ ’ਚ ਕੀਤੀਆਂ ਰੈਲੀਆਂ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਤਹਿਤ ਬਲਾਕ ਭਵਾਨੀਗੜ੍ਹ ’ਚ ਵਿਆਪਕ ਪੱਧਰ ’ਤੇ ਪਿੰਡਾਂ ’ਚ ਰੈਲੀਆਂ ਤੇ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਬਲਾਕ ਦੇ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ ਨੇ ਕੀਤੀ। ਪਹਿਲੀ ਟੀਮ ਵਿੱਚ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਤੇ ਬਲਾਕ ਆਗੂ ਰਘਵੀਰ ਸਿੰਘ ਘਰਾਚੋ ਨੇ ਪਿੰਡ ਘਨੌੜ ਜੱਟਾਂ, ਘਰਾਚੋਂ, ਘਾਬਦਾਂ ਤੇ ਭਿੰਡਰਾਂ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ ਕੀਤਾ। ਦੂਜੀ ਟੀਮ ’ਚ ਕਸ਼ਮੀਰ ਸਿੰਘ ਆਲੋਅਰਖ, ਕੁਲਦੀਪ ਸਿੰਘ ਬਖੋਪੀਰ ਤੇ ਹਰਪ੍ਰੀਤ ਸਿੰਘ ਬਾਲਦ ਕਲਾਂ ਨੇ ਪਿੰਡ ਬਾਲਦ ਕਲਾਂ, ਬਾਲਦ ਖੁਰਦ, ਮਟਰਾਂ, ਬਲਿਆਲ ਤੇ ਰਾਮਪੁਰਾ ’ਚ ਰੈਲੀਆਂ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਅਮਰੀਕਾ ਵਰਗੇ ਵਿਕਸਿਤ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ (ਫਰੀ ਟਰੇਡ) ਸਮਝੌਤੇ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਲਈ ਘਾਤਕ ਸਾਬਤ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹੀ ਛੂਟ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ’ਚ ਰੁਜ਼ਗਾਰ ਦੇ ਮੌਕੇ ਘਟਾਏ ਜਾ ਰਹੇ ਹਨ, ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਕੇ ਉਨ੍ਹਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਵਿਰੁੱਧ ਲੋਕਾਂ ਕੋਲ ਸੰਘਰਸ਼ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਿਆ ਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਲੋਕ ਸੜਕਾਂ ’ਤੇ ਉਤਰ ਕੇ ਆਪਣਾ ਰੋਸ ਪ੍ਰਗਟ ਕਰਨਗੇ। ਆਗੂਆਂ ਨੇ ਦਾਅਵਾ ਕੀਤਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਰਕਾਰਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਨਾਲ ਟਕਰਾਈਆਂ ਹਨ ਤਾਂ ਅੰਤ ’ਚ ਜਿੱਤ ਸੰਘਰਸ਼ ਕਰ ਰਹੇ ਲੋਕਾਂ ਦੀ ਹੀ ਹੋਈ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ 10 ਜੁਲਾਈ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਰੋਸ ਪ੍ਰਦਰਸ਼ਨ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ।