ਜਹਾਂਗੀਰ ਮੋਰਚੇ ਤੋਂ ਗ੍ਰਿਫ਼ਤਾਰ ਧਰਨਾਕਾਰੀਆਂ ਦੀ ਰਿਹਾਈ ਦੀ ਕੀਤੀ ਮੰਗ ਭੰਮੇ ਕਲਾਂ ਦੇ ਨੌਜਵਾਨ ਦੀ ਮੌਤ ਮਗਰੋਂ ਪੁਲਿਸ ਖ਼ਿਲਾਫ਼ ਭੜਕੇ ਕਿਸਾਨ
Publish Date: Wed, 28 Oct 2026 05:44 PM (IST)
Updated Date: Wed, 28 Oct 2026 05:46 PM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਖੇ ਚਿੱਟੇ ਦੀ ਕਥਿਤ ਓਵਰਡੋਜ਼ ਨਾਲ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪੁਲਿਸ ਵੱਲੋਂ ਪਰਿਵਾਰ ਤੋਂ ਜਬਰੀ ਲਿਜਾਣ ਦੇ ਦੋਸ਼ਾਂ ਦੀ ਸਖ਼ਤ ਨਿੰਦਾ ਕੀਤੀ ਗਈ। ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਬਲਾਕ ਭਵਾਨੀਗੜ੍ਹ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਇੱਕ ਘੰਟੇ ਲਈ ਥਾਣੇ ਦਾ ਘਿਰਾਓ ਵੀ ਕੀਤਾ। ਇਸ ਮੌਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਿਸ ਵੱਲੋਂ ਮ੍ਰਿਤਕ ਦੇਹ ਜਬਰੀ ਲਿਜਾਣ ਦੇ ਦੋਸ਼ ਬੇਹੱਦ ਗੰਭੀਰ ਹਨ। ਉਨ੍ਹਾਂ ਸਵਾਲ ਕੀਤਾ ਕਿ ਨੌਜਵਾਨ ਨੂੰ ਚਿੱਟਾ ਵੇਚਣ ਵਾਲੇ ਤਸਕਰ ਖ਼ਿਲਾਫ਼ ਹੁਣ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਾਵਜੂਦ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਥਾਂ ਪੀੜਤ ਪਰਿਵਾਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਘਟਨਾ ਨੂੰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨਾਲ ਜੋੜਦਿਆਂ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਧੂਰੀ ਦੇ ਪਿੰਡ ਜਹਾਂਗੀਰ ਵਿਖੇ ਇਥਨੋਲ ਫੈਕਟਰੀ ਦੇ ਵਿਰੋਧ ਵਿੱਚ ਚੱਲ ਰਹੇ ਪੱਕੇ ਮੋਰਚੇ ਦੌਰਾਨ ਪੁਲਿਸ ਵੱਲੋਂ ਕਾਰਵਾਈ ਕਰਕੇ ਮਾਵਾਂ-ਭੈਣਾਂ ਸਮੇਤ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਧਰਨਾਕਾਰੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਅਜਿਹਾ ਨਾ ਹੋਣ ’ਤੇ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਗਈ। ਇਸ ਮੌਕੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਸਤਵਿੰਦਰ ਸਿੰਘ ਘਰਾਚੋਂ ਅਤੇ ਕਰਮ ਚੰਦ ਪੰਨਵਾਂ ਹਾਜ਼ਰ ਸਨ।