ਕਿਸਾਨਾਂ ਦੀਆਂ ਸਮੱਸਿਆਵਾਂ ਮੇਜ਼ 'ਤੇ ਬੈਠ ਕੇ ਹੱਲ ਹੋਣ : ਪ੍ਰਨੀਤ ਕੌਰ ਕਿਸਾਨਾਂ ਦੀਆਂ ਸਮੱਸਿਆਵਾਂ ਮੇਜ਼ 'ਤੇ ਬੈਠ ਕੇ ਹੱਲ ਹੋਣ: ਪ੍ਰਨੀਤ ਕੌਰ
Publish Date: Thu, 23 Jul 2026 04:41 PM (IST)
Updated Date: Fri, 24 Jul 2026 04:02 AM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਘਨੌਰ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਭਾਜਪਾ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਅਤੇ ਜ਼ਿਲ੍ਹਾ ਯੁਵਾ ਮੋਰਚਾ ਪ੍ਰਧਾਨ ਜਰਨੈਲ ਸਿੰਘ ਨੇ ਕੀਤੀ। ਸਮਾਗਮ ਵਿੱਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੰਜਾਬ ਭਾਜਪਾ ਯੁਵਾ ਮੋਰਚਾ ਦੀ ਸਟੇਟ ਸਕੱਤਰ ਨਿਹਾਰਿਕਾ ਕਮਲ ਨੇ ਵੀ ਵਿਸ਼ੇਸ਼ ਹਾਜ਼ਰੀ ਭਰੀ। ਇਸ ਮੌਕੇ ਮਹਾਰਾਣੀ ਪਰਨੀਤ ਕੌਰ ਨੇ ਸਾਹਿਲ ਸੂਦ ਨੂੰ ਭਾਜਪਾ ਯੁਵਾ ਮੋਰਚਾ ਘਨੌਰ ਦਾ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪਰਨੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਪੀਐਸਪੀਸੀਐਲ ਲਈ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਮਾਮਲੇ ਤੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਲੋਕ ਭਲਾਈ ਦੀਆਂ ਯੋਜਨਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਵਿੱਤੀ ਸਰੋਤਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਫੰਡ ਉਸੇ ਮਕਸਦ ਲਈ ਵਰਤੇ ਜਾਣੇ ਚਾਹੀਦੇ ਹਨ, ਜਿਸ ਲਈ ਉਹ ਜਾਰੀ ਹੁੰਦੇ ਹਨ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਹੁਣ ਨੌਜਵਾਨਾਂ ਦੇ ਨਾਲ-ਨਾਲ ਬੱਚੇ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਸਰਕਾਰ ਤੋਂ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼ੰਭੂ ਬਾਰਡਰ ਅਤੇ ਕਿਸਾਨ ਅੰਦੋਲਨ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਇਸ ਦੌਰਾਨ ਭਾਜਪਾ ਹਲਕਾ ਘਨੌਰ ਦੇ ਇੰਚਾਰਜ ਵਿਕਾਸ ਸ਼ਰਮਾ ਦੀ ਗੈਰਹਾਜ਼ਰੀ ਵੀ ਚਰਚਾ ਦਾ ਵਿਸ਼ਾ ਬਣੀ ਰਹੀ। ਵਿਕਾਸ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰੋਗਰਾਮ ਦੀ ਜਾਣਕਾਰੀ ਹੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਜੇ ਸੂਚਨਾ ਮਿਲਦੀ ਤਾਂ ਉਹ ਜ਼ਰੂਰ ਸ਼ਾਮਲ ਹੁੰਦੇ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੁਝ ਨਵੇਂ ਸ਼ਾਮਲ ਹੋਏ ਆਗੂ ਪਾਰਟੀ ਨੂੰ ਮਜ਼ਬੂਤ ਕਰਨ ਦੀ ਬਜਾਏ ਅੰਦਰੂਨੀ ਤੌਰ ਤੇ ਕਮਜ਼ੋਰ ਕਰ ਰਹੇ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਘਨੌਰ ਭਾਜਪਾ ਵਿੱਚ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਸਮਾਗਮ ਦੇ ਆਯੋਜਕਾਂ ਵੱਲੋਂ ਇਸ ਮਾਮਲੇ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ। ਇਸ ਮੌਕੇ ਤੇ ਉਹਨਾਂ ਨਾਲ ਸਾਬਕਾ ਚੇਅਰਮੈਨ ਹਰਵਿੰਦਰ ਹਰਪਾਲਪੁਰ, ਭਾਜਪਾ ਆਗੂ ਪ੍ਰਦੀਪ ਨੰਦਾ, ਲਖਵੀਰ ਸਿੰਘ ਲੱਖੀ,ਐਡਵੋਕੇਟਰ ਰਜਿੰਦਰ ਸੈਣੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਰਾਜਪੁਰਾ, ਵਿਸ਼ੂ ਸ਼ਰਮਾ ਆਈਟੀ ਸੈਲ ਪਟਿਆਲਾ,ਤੇਜਿੰਦਰ ਸਿੰਘ ਰਾਏਪੁਰ ਅਤੇ ਹਰਵਿੰਦਰ ਸਿੰਘ ਸੰਧਾਰਸੀ ਸਮੇਤ ਵੱਡੀ ਗਿਣਤੀ ਵਿੱਚ ਭਾਰਤ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਆਗੂ ਮੌਜੂਦ ਰਹੇ।