ਨਸ਼ਿਆਂ ਵਿਰੁੱਧ ਕਿਸਾਨਾਂ ਦਾ ਰੋਸ, ਭਵਾਨੀਗੜ੍ਹ ਦੇ ਪਿੰਡਾਂ ’ਚ ਫੂਕੇ ਮੁੱਖ ਮੰਤਰੀ ਦੇ ਪੁਤਲੇ ਨਸ਼ਿਆਂ ਵਿਰੁੱਧ ਕਿਸਾਨਾਂ ਦਾ ਰੋਸ
Publish Date: Sun, 25 Oct 2026 03:47 PM (IST)
Updated Date: Mon, 26 Oct 2026 04:01 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਐਤਵਾਰ ਨੂੰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਨਤਕ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਹ ਰੋਸ ਪ੍ਰਦਰਸ਼ਨ ਨਸ਼ਿਆਂ ਦੇ ਮੁੱਦੇ, ਨਸ਼ਾ ਤਸਕਰਾਂ, ਸਿਆਸਤਦਾਨਾਂ ਅਤੇ ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕਥਿਤ ਗੱਠਜੋੜ ਖ਼ਿਲਾਫ਼ ਕਾਰਵਾਈ ਕਰਨ ਅਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਗਿਆ। ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਜਥੇਬੰਦੀ ਦੇ ਸੱਦੇ ’ਤੇ ਪਿੰਡਾਂ ਵਿੱਚ ਜਨਤਕ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਮਾਰ ਲਈ ਨਸ਼ਾ ਤਸਕਰਾਂ, ਸਿਆਸਤਦਾਨਾਂ ਅਤੇ ਪੁਲਿਸ ਦਾ ਕਥਿਤ ਗੱਠਜੋੜ ਜ਼ਿੰਮੇਵਾਰ ਹੈ ਅਤੇ ਮੌਜੂਦਾ ਸਰਕਾਰ ਇਸ ਗੱਠਜੋੜ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ਼ ਦਿਖਾਵਾ ਹੈ ਅਤੇ ਜਥੇਬੰਦੀ ਅਨੁਸਾਰ ਇਸ ਦਾ ਨਿਸ਼ਾਨਾ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕ ਵੀ ਬਣ ਰਹੇ ਹਨ। ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ, ਰਘਵੀਰ ਸਿੰਘ ਘਰਾਚੋਂ, ਸਤਵਿੰਦਰ ਸਿੰਘ ਘਰਾਚੋਂ, ਕਰਮ ਚੰਦ ਪੰਨਵਾਂ ਅਤੇ ਕਸ਼ਮੀਰ ਸਿੰਘ ਆਲੋਅਰਖ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ 25 ਅਕਤੂਬਰ ਨੂੰ ਪਿੰਡ-ਪਿੰਡ ਪੁਤਲੇ ਫੂਕਣ ਦਾ ਫ਼ੈਸਲਾ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਥਿਤ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਸਰਕਾਰ ਅੱਗੇ ਸੱਤ ਮੰਗਾਂ ਰੱਖਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਵੱਡੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਸਰਪ੍ਰਸਤਾਂ ਨੂੰ ਸਾਹਮਣੇ ਲਿਆ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਥੇਬੰਦੀ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ।