
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੀਸੀ ਦਫ਼ਤਰ ਦੇ ਸਾਹਮਣੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ, ਆਵਾਜਾਈ ਪ੍ਰਭਾਵਿਤ

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ ਸਮੁੱਚੇ ਜਿ਼ਲਿ੍ਹਆਂ ’ਚ ਡੀਸੀ ਦਫ਼ਤਰਾਂ ਦੇ ਸਾਹਮਣੇ ਲਾਏ ਇਕ ਰੋਜ਼ਾ ਮੋਰਚਾ ਦੀ ਲੜੀ ਤਹਿਤ ਪਟਿਆਲਾ ਦੇ ਡੀਸੀ ਦਫ਼ਤਰ ਸਾਹਮਣੇ ਵੀ ਕਿਸਾਨਾਂ ਵੱਲੋਂ ਇਕ ਰੋਜ਼ਾ ਮੋਰਚਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਸਾਹਮਣੇ ਸੜਕ ਦੇ ਇਕ ਪਾਸੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਗਈ। ਮੋਰਚੇ ’ਚ ਪੰਜਾਬ ਦੇ ਕਿਸਾਨ, ਮਜ਼ਦੂਰ ਤੇ ਨੌਜਵਾਨ ਵੱਡੀ ਗਿਣਤੀ ’ਚ ਸ਼ਾਮਲ ਹੋਏ। ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਖੇਤੀ, ਪਾਣੀ, ਜ਼ਮੀਨ, ਰੁਜ਼ਗਾਰ ਅਤੇ ਪੇਂਡੂ ਆਰਥਿਕਤਾ ਨਾਲ ਜੁੜੇ ਗੰਭੀਰ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰਾਂ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਦਾ ਸਭ ਤੋਂ ਵੱਧ ਅਸਰ ਕਿਸਾਨਾਂ, ਮਜ਼ਦੂਰਾਂ ਤੇ ਪੇਂਡੂ ਲੋਕਾਂ ’ਤੇ ਪੈ ਰਿਹਾ ਹੈ। ਡੀਸੀ ਦਫ਼ਤਰ ਸਾਹਮਣੇ ਇਕ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਏ ਗਏ ਪੱਕੇ ਮੋਰਚੇ ’ਚ ਵੱਡੀ ਗਿਣਤੀ ਕਿਸਾਨਾਂ—ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਰਾਹੀਂ ਭਾਰਤ—ਅਮਰੀਕਾ ਵਪਾਰ ਸਮਝੌਤੇ ਨਾਲ ਵੱਖ-ਵੱਖ ਵਰਗਾਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਗਰਾਹਾਂ ਜਥੇਬੰਦੀ ਨੇ ਮੰਗ ਕੀਤੀ ਕਿ ਪਿਛਲੇ ਸਾਲ ਝੋਨੇ ਦੇ ਸੀਜ਼ਨ ’ਚ ਬੌਣੇ ਬੂਟੇ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ, ਜਿ਼ਲ੍ਹਾ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ, ਜਨਰਲ ਸਕੱਤਰ ਸੁਖਮੰਦਰ ਸਿੰਘ ਬਾਰਨ, ਬਲਰਾਜ ਜੋਸ਼ੀ, ਹਰਦੀਪ ਸਿੰਘ ਡਰੋਲੀ, ਜਸਵਿੰਦਰ ਸਿੰਘ ਸਾਲੂਵਾਲ, ਗੁਰਬੀਰ ਸਿੰਘ ਨੰਦਪੁਰ ਕੇਸ਼ੋ, ਅਵਤਾਰ ਸਿੰਘ ਬੁਰੜ ਆਦਿ ਨੇ ਸੰਬੋਧਨ ਕੀਤਾ।