ਡੀਸੀ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ
ਡੀਸੀ ਦਫਤਰ ਅੱਗੇ ਕਿਸਾਨਾਂ ਕੀਤਾ ਰੋਸ ਪ੍ਰਦਰਸ਼ਨ
Publish Date: Fri, 16 Jan 2026 04:00 PM (IST)
Updated Date: Sat, 17 Jan 2026 04:01 AM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸੰਯੁਕਤ ਕਿਸਾਨ ਮੋਰਚਾ ਕੇਂਦਰੀ ਟਰੇਡ ਯੂਨੀਅਨ ਅਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਵੱਲੋਂ ਸੂਬਾ ਪੱਧਰੀ ਸੱਦੇ ਤੇ ਕਿਸਾਨਾਂ ਨੇ ਡੀਸੀ ਦਫਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਏਡੀਸੀ ਸੰਗਰੂਰ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025,ਬੀਜ ਬਿੱਲ 2025, ਨਰੇਗਾ ਵਿੱਚ ਸੋਧ ਕਰਕੇ ਲਿਆਂਦਾ ਜੀ ਰਾਮ ਜੀ ਕਾਨੂੰਨ ਅਤੇ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਬਣਾਏ ਲੇਬਰ ਕੋਡ,ਦੇਸ਼ ਦੇ ਕਿਰਤੀ ਲੋਕਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਦਾ ਨਵਾਂ ਹਮਲਾ ਹੈ। ਕੇਂਦਰ ਦੀ ਭਾਜਪਾ ਹਕੂਮਤ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀ ਕੰਪਨੀਆਂ ਦੇ ਮੁਨਾਫ਼ੇ ਸੁਰੱਖਿਅਤ ਕਰਨ ਲਈ ਇਹ ਬਿੱਲ ਲੈ ਕੇ ਆਈ ਹੈ। ਉਨ੍ਹਾਂ ਫੌਰੀ ਇਹਨਾਂ ਬਿਲਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਨਾਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਕਰਾਉਣ ਲਈ ਪਿੰਡ-ਪਿੰਡ ਤੱਕ ਲੋਕਾਂ ਨੂੰ ਜਾਗਰੂਕ ਕਰਕੇ ਵਿਸ਼ਾਲ ਸੰਘਰਸ਼ ਵਿੱਢਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ,ਕੁਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਬਲਦੇਵ ਸਿੰਘ ਨਿਹਾਲਗੜ੍ਹ,ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬੀਕੇਯੂ ਧਨੇਰ ਦੇ ਸੂਬਾ ਆਗੂ ਕਰਮਜੀਤ ਸਿੰਘ ਛੰਨਾਂ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸ਼ੇਖੋਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ,ਏਟਕ ਦੇ ਸੂਬਾ ਆਗੂ ਕਾਮਰੇਡ ਸੁਖਦੇਵ ਸ਼ਰਮਾ,ਸੀਟੂ ਦੇ ਆਗੂ ਕਾਮਰੇਡ ਇੰਦਰਪਾਲ ਪੁੰਨਾਂਵਾਲ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਸ਼ੇਸ਼ਰ ਰਾਮ,ਫਲਜੀਤ ਸਿੰਘ, ਅਨੁਜ ਕੁਮਾਰ, ਜਗਤਾਰ ਸਿੰਘ ਛਾਜਲਾ, ਸਰਬਜੀਤ ਸਿੰਘ ਪੁੰਨਾਵਾਲ, ਜੁਝਾਰ ਲੌਂਗੋਵਾਲ,ਜਨਕ ਸਿੰਘ ਭੁਟਾਲ ਅਤੇ ਨਰੰਜਣ ਸਿੰਘ ਸਫੀਪੁਰ ਮੌਜੂਦ ਸਨ।