ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ
ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ
Publish Date: Wed, 22 Apr 2026 04:28 PM (IST)
Updated Date: Thu, 23 Apr 2026 04:02 AM (IST)

ਕਿਹਾ- ਵਿੱਤ ਮੰਤਰੀ ਦੀ ਕੋਠੀ ਮੂਹਰੇ ਧਰਨੇ ’ਚ ਕਰਾਂਗੇ ਸ਼ਮੂਲੀਅਤ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਮਜ਼ਦੂਰ ਦਿਹਾੜੇ ਮੌਕੇ ਪਹਿਲੀ ਮਈ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਦੀ ਆ ਰਹੀ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਖਿਆ ਕਿ ਠੇਕਾ ਮੁਲਾਜ਼ਮ ਪਹਿਲੀ ਮਈ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਧਰਨਾ ਦੇਣਗੇ, ਜਥੇਬੰਦੀ ਦੇ ਸੈਂਕੜੇ ਕਾਰਕੁੰਨ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕਬਜ਼ਾ ਕਰਨ ਲਈ ਯਤਨਸ਼ੀਲ ਹੈ ਕਿਸਾਨ ਅਜਿਹੇ ਵਰਤਾਰੇ ਦਾ ਵਿਰੋਧ ਕਰਨ ਲਈ 24 ਅਪਰੈਲ ਨੂੰ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਨਤਕ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਨੂੰ ਵੇਚਿਆ ਜਾ ਰਿਹਾ ਹੈ। ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਅੱਖਾਂ ਬੰਦ ਕਰਕੇ ਬੈਠੀ ਹੈ। ਇਸ ਮੌਕੇ ਜਸਵੰਤ ਸਿੰਘ ਤੋਲਾਵਾਲ, ਬਹਾਦਰ ਸਿੰਘ ਭੁਟਾਲ, ਬੰਟੀ ਮੂਣਕ, ਹਰਬੰਸ ਸਿੰਘ ਲੱਡਾ, ਹਰਜੀਤ ਸਿੰਘ ਮਹਿਲਾਂ ,ਬਲਵਿੰਦਰ ਸਿੰਘ ਘਨੌੜ ਜੱਟਾਂ, ਜਗਤਾਰ ਸਿੰਘ ਲੱਡੀ ਹਾਜ਼ਰ ਸਨ।