ਕਿਸਾਨਾਂ ਨੇ ਲਾਹੇ ਚਿੱਪ ਵਾਲੇ ਬਿਜਲੀ ਮੀਟਰ ਕਿਸਾਨਾਂ ਨੇ ਲਾਹੇ ਚਿੱਪ ਵਾਲੇ ਬਿਜਲੀ ਮੀਟਰ
Publish Date: Thu, 09 Jul 2026 06:54 PM (IST)
Updated Date: Fri, 10 Jul 2026 04:07 AM (IST)
ਬਿਜਲੀ ਬੋਰਡ ਦੇ ਨਦਾਮਪੁਰ ਦਫ਼ਤਰ ’ਚ ਕਰਵਾਏ ਜਮ੍ਹਾਂ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਚਿੱਪ ਵਾਲੇ (ਸਮਾਰਟ) ਬਿਜਲੀ ਮੀਟਰਾਂ ਦੇ ਵਿਰੋਧ ਵਿੱਚ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਪਿੰਡ ਨਦਾਮਪੁਰ ਵਿੱਚ ਲਾਏ ਗਏ ਮੀਟਰਾਂ ਨੂੰ ਉਤਾਰ ਕੇ ਬਿਜਲੀ ਬੋਰਡ ਦੇ ਨਦਾਮਪੁਰ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਰਹੇ ਅਤੇ ਸਰਕਾਰ ਦੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਜਥੇਬੰਦੀ ਸ਼ੁਰੂ ਤੋਂ ਹੀ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਮੀਟਰ ਲਗਾ ਕੇ ਸਰਕਾਰ ਬਿਜਲੀ ਪ੍ਰਣਾਲੀ ਨੂੰ ਹੌਲੀ-ਹੌਲੀ ਨਿੱਜੀ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸਾਨ ਅਤੇ ਆਮ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪੇਂਡੂ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਘਰ ਵਿੱਚ ਚਿੱਪ ਵਾਲਾ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ। ਜੇਕਰ ਸਰਕਾਰ ਅਤੇ ਬਿਜਲੀ ਵਿਭਾਗ ਨੇ ਜ਼ਬਰਦਸਤੀ ਇਹ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਬਿਜਲੀ ਮਹਿਕਮੇ ਦੀ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਨੀਤੀਆਂ ਲਾਗੂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਲੋਕ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਹਮੇਸ਼ਾ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਬਲਾਕ ਪ੍ਰਧਾਨ ਚਮਕੌਰ ਸਿੰਘ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ, ਧਿਆਨ ਸਿੰਘ, ਬੁੱਧ ਸਿੰਘ (ਬਾਲਦ ਖੁਰਦ), ਹਾਕਮ ਸਿੰਘ, ਕਰਮਜੀਤ ਸਿੰਘ, ਭੋਲਾ ਸਿੰਘ, ਸੁਰਜੀਤ ਸਿੰਘ, ਲੱਖਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ, ਵਰਕਰ ਅਤੇ ਨਦਾਮਪੁਰ ਦੇ ਪਿੰਡ ਵਾਸੀ ਹਾਜ਼ਰ ਸਨ। ਮੀਟਰ ਜਮ੍ਹਾ ਹੋਏ ਹਨ : ਐੱਸਡੀਓ ਇਸ ਸਬੰਧੀ ਜਦੋਂ ਪਾਵਰਕਾਮ ਦਫ਼ਤਰ ਨਦਾਮਪੁਰ ਦੇ ਐੱਸਡੀਓ ਸੁਖਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸਮਾਰਟ ਮੀਟਰਾਂ ਦਾ ਵਿਰੋਧ ਕਰਨ ਦੇ ਚਲਦਿਆਂ ਇਹ ਮੀਟਰ ਜਮ੍ਹਾਂ ਕਰਵਾਏ ਗਏ ਹਨ।