- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਕਿਸਾਨ: ਜੌੜਾਮਾਜਰਾ

ਭਾਰਤ ਭੁ਼ਸਨ, ਪੰਜਾਬੀ ਜਾਗਰਣ, ਸਮਾਣਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਵੱਲੋਂ ਕੇ.ਐੱਸ. ਫਾਰਮ ਹਾਊਸ, ਡਕਾਲਾ ਵਿਖੇ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਕੈਂਪ ਦਾ ਉਦਘਾਟਨ ਕਰਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਖੇਤੀ ਕਰਨ, ਫ਼ਸਲੀ ਵਿਭਿੰਨਤਾ ਅਪਣਾਉਣ ਤੇ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਿਤ ਕੀਤਾ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਏ ਕੈਂਪ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਕੀਤੀ। ਤਕਨੀਕੀ ਸੈਸ਼ਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਘਟ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਦਾ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮਸ਼ੀਨਰੀ ਸਹਿਕਾਰੀ ਸਭਾਵਾਂ, ਕਿਸਾਨ ਗਰੁੱਪਾਂ, ਐੱਫਪੀਓਜ਼ ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਉਪਲਬਧ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਡਾ. ਦਾਰਾ ਸਿੰਘ ਨੇ ਕਿਸਾਨਾਂ ਨੂੰ ਫਾਰਮਰ ਆਈਡੀ ਬਣਾਉਣ, ਖੇਤੀਬਾੜੀ ਵਸਤਾਂ ਖਰੀਦਣ ਸਮੇਂ ਬਿੱਲ ਲੈਣ ਅਤੇ ਪਾਣੀ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ। ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਜੰਗੀਰ ਸਿੰਘ ਨੇ ਵਿਭਾਗੀ ਸਕੀਮਾਂ ਅਤੇ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਕੈਂਪ ਵਿਚ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ, ਬਾਗਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕੇਵੀਕੇ ਰੌਣੀ ਅਤੇ ਫਾਰਮ ਸਲਾਹਕਾਰ ਕੇਂਦਰ ਦੇ ਮਾਹਿਰਾਂ ਨੇ ਹਾੜੀ ਦੀਆਂ ਫ਼ਸਲਾਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਵਿੱਚ ਲਗਭਗ 1000 ਕਿਸਾਨਾਂ ਨੇ ਸ਼ਮੂਲੀਅਤ ਕੀਤੀ।