ਕਿਸਾਨ ਬਠਿੰਡਾ ਧਰਨੇ ’ਚ ਸ਼ਾਮਲ ਹੋਣ ਲਈ ਘੱਤਣਗੇ ਵਹੀਰਾਂ : ਗੰਢੂਆਂ
ਕਿਸਾਨ ਬਠਿੰਡਾ ਧਰਨੇ ’ਚ ਸ਼ਾਮਲ ਹੋਣ ਲਈ ਘੱਤਣਗੇ ਵਹੀਰਾਂ- ਗੰਢੂਆਂ
Publish Date: Thu, 05 Mar 2026 03:37 PM (IST)
Updated Date: Fri, 06 Mar 2026 04:00 AM (IST)

ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੀ ਗਿਣਤੀ ’ਚ ਵਿੱਢੀ ਤਿਆਰੀ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੁਲਸੀਆ ਜਬਰ ਦੇ ਖ਼ਿਲਾਫ਼ ਚਾਰ ਦਰਜਨ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਤੇ ਰੋਸ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੁਨਾਮ ਬਲਾਕ ਦੇ ਪਿੰਡਾਂ ਵਿਚ ਤਿਆਰੀ ਮੀਟਿੰਗਾਂ ਕੀਤੀਆਂ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਮਾਰਚ ਦੇ ਬਠਿੰਡਾ ਧਰਨੇ ਵਿੱਚ ਸੰਗਰੂਰ ਜ਼ਿਲ੍ਹੇ ਚੋਂ ਵੱਡੀ ਗਿਣਤੀ ਕਿਸਾਨ ਮਜ਼ਦੂਰ ਸ਼ਿਰਕਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਚਾਉਕੇ ਆਦਰਸ਼ ਸਕੂਲ ਵਿੱਚ ਹੋ ਰਹੇ ਕਥਿਤ ਘਪਲਿਆਂ ਦੇ ਖਿਲਾਫ ਸੰਘਰਸ਼ ਕਰ ਰਹੇ ਦੋ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਫਰਵਰੀ ਮਹੀਨੇ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਸੀ ਲੇਕਿਨ ਪੁਲਿਸ ਨੇ ਸਰਕਾਰ ਦੀ ਸ਼ਹਿ ਤੇ ਕਿਸਾਨਾਂ ਉੱਪਰ ਮਹਿਲਾਂ ਚੌਕ ਅਤੇ ਅਮਰੂ ਕੋਟੜਾ ਵਿਖੇ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕੀਤਾ, ਜਿਉਂਦ ਪਿੰਡ ਵਿੱਚ ਸ਼ਾਂਤਮਈ ਰੂਪ ਵਿੱਚ ਬੈਠੇ ਕਿਸਾਨਾਂ ਤੇ ਬਠਿੰਡਾ ਜ਼ਿਲ੍ਹੇ ਦੀ ਐਸ ਐਸ ਪੀ ਜੋਤੀ ਯਾਦਵ ਦੀ ਅਗਵਾਈ ਹੇਠ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਜਿਸ ਕਾਰਨ ਕਈ ਕਿਸਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ। ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਛੇ ਮਾਰਚ ਨੂੰ ਕਿਸਾਨ ਮਜ਼ਦੂਰ ਜਥੇਬੰਦੀਆਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਵਾਉਣ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁਆਫੀ ਮੰਗਣ ਲਈ ਕਹਿਣਗੇ। ਇਸ ਮੌਕੋ ਔਰਤ ਵਿੰਗ ਦੀ ਇਕਾਈ ਪ੍ਰਧਾਨ ਛਿੰਦਰ ਕੌਰ , ਪ੍ਰਧਾਨ ਗੁਰਲਾਲ ਸਿੰਘ, ਜੀਤ ਸਿੰਘ ਗੰਢੂਆਂ , ਨਛੱਤਰ ਸਿੰਘ, ਕਿਸਾਨ ਬੀਬੀਆਂ ਹਾਜ਼ਰ ਸਨ।