
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ ਨੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਨੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਣਗਿਣਤ ਕੁਰਬਾਨੀਆਂ ਨਾਲ ਮਿਲੀ ਆਜ਼ਾਦੀ ਦੀ ਰਾਖੀ ਕਰਦਿਆਂ ਦੇਸ਼ ਨੂੰ ਤਰੱਕੀ, ਖੁਸ਼ਹਾਲੀ ਤੇ ਬਰਾਬਰੀ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਦੀ ਧਰਤੀ ਦਾ ਆਜ਼ਾਦੀ ਸੰਗਰਾਮ ਵਿੱਚ ਵਿਸ਼ੇਸ਼ ਸਥਾਨ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ ਸਮੇਤ ਅਨੇਕਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ 57 ਆਜ਼ਾਦੀ ਘੁਲਾਟੀਆਂ ਨੇ ਮਹੱਤਵਪੂਰਨ ਯੋਗਦਾਨ ਪਾਇਆ, ਜਦਕਿ ਵੱਖ-ਵੱਖ ਜੰਗਾਂ ਵਿੱਚ ਜ਼ਿਲ੍ਹੇ ਦੇ 100 ਤੋਂ ਵੱਧ ਜਵਾਨ ਸ਼ਹੀਦ ਹੋਏ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਰੁਪਏ ਕੀਤੀ ਗਈ ਹੈ। ਮਹਿਲਾਵਾਂ ਲਈ 29 ਹਜ਼ਾਰ ਸਵੈ-ਸਹਾਇਤਾ ਸਮੂਹ ਬਣੇ ਹਨ ਅਤੇ ਲੱਗਭੱਗ ਤਿੰਨ ਲੱਖ ਮਹਿਲਾਵਾਂ ਨੂੰ ਜੋੜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਅਤੇ ਸੰਗਰੂਰ ਵਿੱਚ 62 ਆਮ ਆਦਮੀ ਕਲੀਨਿਕ ਸੇਵਾਵਾਂ ਦੇ ਰਹੇ ਹਨ। ਸੁਨਾਮ ਵਿੱਚ 14.48 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸਰਕਾਰ ਨੇ ਅਪ੍ਰੈਲ 2022 ਤੋਂ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 1.83 ਲੱਖ ਕਰੋੜ ਰੁਪਏ ਤੋਂ ਵੱਧ ਨਿਵੇਸ਼ ਹੋਇਆ ਹੈ।
ਸੰਗਰੂਰ ਵਿੱਚ ਖੇਡ ਮੈਦਾਨਾਂ, ਲਾਇਬ੍ਰੇਰੀਆਂ, ਪੰਚਾਇਤ ਭਵਨਾਂ, ਛੱਪੜਾਂ ਅਤੇ ਸਿਹਤ ਕੇਂਦਰਾਂ ਲਈ ਵੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਧੂਰੀ ਵਿਖੇ 54.76 ਕਰੋੜ ਰੁਪਏ ਦੇ ਰੋਡ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਿਆ ਗਿਆ। ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 1076 ’ਤੇ ਕਾਲ ਕਰਕੇ 437 ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਸਮਾਗਮ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨਸੀਸੀ ਕੈਡਿਟਾਂ ਤੇ ਸਕੂਲੀ ਵਿਦਿਆਰਥੀਆਂ ਨੇ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਵਾਰਸਾਂ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਸੌਂਦ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਡੀਆਈਜੀ ਜਲੰਧਰ ਪੀਏਪੀ-2 ਸੰਦੀਪ ਕੁਮਾਰ ਸ਼ਰਮਾ, ਡੀਸੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਹਾਜ਼ਰ ਸਨ।