- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਕੇਐੱਮ ਵੱਲੋਂ ਮਾਲੇਰਕੋਟਲਾ ਵਿੱਚ ਜੇਲ੍ਹ ਭਰੋ ਅੰਦੋਲਨ

ਸੱਤਪਾਲ ਕਾਲਾਬੂਲਾ/ ਰਹਿਮਾਨ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੱਦੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੀ ਹਮਾਇਤ ’ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਔਰਤਾਂ ਅਤੇ ਹੋਰ ਮਿਹਨਤਕਸ਼ ਵਰਗਾਂ ਵੱਲੋਂ ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਨ ਤਹਿਤ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਰੋਸ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਥੋੜ੍ਹੀ ਦੇਰ ਬਾਅਦ ਰਿਹਾ ਕਰ ਦਿੱਤਾ। ਇਹ ਪ੍ਰਦਰਸ਼ਨ ਭਾਰਤ ਛੱਡੋ ਦਿਵਸ ਦੀ 84ਵੀਂ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਨੂੰ ਉਸ ਦੇ ਲਿਖਤੀ ਵਾਅਦੇ ਯਾਦ ਕਰਵਾਉਣ ਲਈ ਇਹ ਅੰਦੋਲਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਹੋਏ ਇਤਿਹਾਸਕ ਕਿਸਾਨ ਸੰਘਰਸ਼ ਤੋਂ ਬਾਅਦ 9 ਦਸੰਬਰ 2021 ਨੂੰ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ, ਕਰਜ਼ਾ ਮੁਆਫ਼ੀ, ਬਿਜਲੀ ਨਿੱਜੀਕਰਨ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ ਸਬੰਧੀ ਦਿੱਤੇ ਲਿਖਤੀ ਭਰੋਸੇ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਗਏ।
ਪ੍ਰਦਰਸ਼ਨਕਾਰੀਆਂ ਨੇ ਸਾਰੀਆਂ ਫ਼ਸਲਾਂ ਲਈ ਸੀ2 50 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਖੇਤੀਬਾੜੀ ਉਤਪਾਦਾਂ ਦੀ ਮੁਕਤ ਦਰਾਮਦ ’ਤੇ ਰੋਕ, ਖੇਤੀ ਮੰਡੀਕਰਨ ਸਬੰਧੀ ‘ਨੈਸ਼ਨਲ ਪਾਲਿਸੀ ਫਰੇਮਵਰਕ’ ਨੂੰ ਵਾਪਸ ਲੈਣ ਅਤੇ ਕਿਸਾਨਾਂ ਤੇ ਦਿਹਾੜੀਦਾਰ ਮਜ਼ਦੂਰਾਂ ਲਈ ਵਿਆਪਕ ਕਰਜ਼ਾ ਮੁਆਫ਼ੀ ਦੀ ਮੰਗ ਵੀ ਕੀਤੀ।
ਇਸ ਮੌਕੇ ਬਿਜਲੀ ਨਿੱਜੀਕਰਨ ਬਿੱਲ-2025, ਬੀਜ ਬਿੱਲ-2025 ਅਤੇ ਖੁਰਾਕ ਸੁਰੱਖਿਆ ਕਾਨੂੰਨ ਵਿੱਚ ਪ੍ਰਸਤਾਵਿਤ ਸੋਧਾਂ ਵਾਪਸ ਲੈਣ, ਜ਼ਮੀਨ ਗ੍ਰਹਿਣ ਅਤੇ ਕਾਰਪੋਰੇਟ ਪੱਖੀ ਲੈਂਡ ਪੂਲਿੰਗ ’ਤੇ ਰੋਕ ਲਗਾਉਣ, ਐੱਫਸੀਆਈ ਨੂੰ ਮਜ਼ਬੂਤ ਕਰਨ ਅਤੇ ਸਾਈਲੋਜ਼ ਦੇ ਨਿੱਜੀਕਰਨ ਨੂੰ ਰੋਕਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਸਬੰਧਤ ਖੇਤਰਾਂ ਵਿੱਚ ਐੱਫਡੀਆਈ ’ਤੇ ਰੋਕ, ਖਾਦਾਂ ਦੀ ਕਾਲਾਬਾਜ਼ਾਰੀ ਖ਼ਤਮ ਕਰਨ, ਸਿੰਚਾਈ ਦੀਆਂ ਸਹੂਲਤਾਂ ਵਧਾਉਣ ਅਤੇ ਫ਼ਸਲ ਤੇ ਪਸ਼ੂਧਨ ਲਈ ਜਨਤਕ ਬੀਮਾ ਯੋਜਨਾ ਲਾਗੂ ਕਰਨ ਦੀ ਮੰਗ ਕੀਤੀ ਗਈ। ਧਰਨਾਕਾਰੀਆਂ ਨੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ ਤਿੜਕੇ ਨੂੰ ਮੰਗ ਪੱਤਰ ਵੀ ਦਿੱਤਾ।
ਇਸ ਮੌਕੇ ਜੋਗਿੰਦਰ ਸਿੰਘ ਔਲਖ, ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਬੀਕੇਯੂ ਡਕੌਂਦਾ ਦੇ ਬੂਟਾ ਸਿੰਘ ਸੰਗੈਣ, ਸਰਬਜੀਤ ਸਿੰਘ, ਕਾਮਰੇਡ ਦੇਵ ਰਾਜ ਵਰਮਾ, ਭਰਪੂਰ ਸਿੰਘ ਬੁਲਾਪੁਰ, ਕਾਮਰੇਡ ਮੁਹੰਮਦ ਖਲੀਲ, ਰਵਿੰਦਰ ਸਿੰਘ,ਸੁਰਿੰਦਰ ਭੈਣੀ, ਗੁਰਮੇਲ ਕੌਰ ਦੁਲਮਾ ਅਤੇ ਗੁਰਮੀਤ ਕੌਰ ਕੁਠਾਲਾ ਹਾਜ਼ਰ ਸਨ।