ਵਿੱਤ ਮੰਤਰੀ ਨੇ ਆਬਕਾਰੀ ਤੇ ਜੀਐੱਸਟੀ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ ਵਿੱਤ ਮੰਤਰੀ ਨੇ ਆਬਕਾਰੀ ਤੇ ਜੀਐੱਸਟੀ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ
Publish Date: Wed, 25 Nov 2026 05:03 PM (IST)
Updated Date: Thu, 26 Nov 2026 04:05 AM (IST)
ਅਧਿਕਾਰੀ ਸਮੇਤ ਕਈ ਮੁਲਾਜ਼ਮ ਗੈਰ ਹਾਜ਼ਰ ਮਿਲੇ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ. ਸੰਗਰੂਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਸਵੇਰੇ ਸੰਗਰੂਰ ਵਿਖੇ ਜੀਐੱਸਟੀ ਅਤੇ ਆਬਕਾਰੀ ਵਿਭਾਗ ਦੇ ਦਫ਼ਤਰ ਵਿੱਚ ਅਚਾਨਕ ਚੈਕਿੰਗ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਜਾਇਜ਼ਾ ਲਿਆ। ਬਿਨਾਂ ਕਿਸੇ ਅਗਾਊਂ ਸੂਚਨਾ ਦੇ ਦਫ਼ਤਰ ਪਹੁੰਚੇ ਵਿੱਤ ਮੰਤਰੀ ਨੂੰ ਚੈਕਿੰਗ ਦੌਰਾਨ ਸਹਾਇਕ ਕਮਿਸ਼ਨਰ ਰਾਜ ਕਰ ਅਰਵਿੰਦਰ ਕੌਰ ਸਮੇਤ ਕਈ ਅਧਿਕਾਰੀ ਅਤੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਗੈਰਹਾਜ਼ਰ ਮਿਲੇ। ਦਫ਼ਤਰ ਵਿੱਚ ਨਾ-ਮਾਤਰ ਹੀ ਮੁਲਾਜ਼ਮ ਹਾਜ਼ਰ ਸਨ। ਇਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ। ਵਿੱਤ ਮੰਤਰੀ ਦੇ ਅਚਾਨਕ ਦਫ਼ਤਰ ਪਹੁੰਚਣ ਨਾਲ ਮੁਲਾਜ਼ਮਾਂ ਵਿੱਚ ਹੜਕੰਪ ਮਚ ਗਿਆ। ਚੈਕਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਦੇ ਨਾਲ-ਨਾਲ ਵਿਭਾਗੀ ਕੰਮਕਾਜ ਦੀ ਵੀ ਜਾਂਚ ਕੀਤੀ। ਇਸ ਦੌਰਾਨ ਡਿਊਟੀ ਤੋਂ ਗੈਰਹਾਜ਼ਰ ਮਿਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਬੰਧੀ ਉਨ੍ਹਾਂ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਤੋਂ ਜਵਾਬ ਮੰਗਿਆ। ਹਰਪਾਲ ਸਿੰਘ ਚੀਮਾ ਨੇ ਦਫ਼ਤਰਾਂ ਵਿੱਚ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਸਮੇਂ ਸਿਰ ਡਿਊਟੀ ਤੇ ਪਹੁੰਚਣਾ ਅਤੇ ਨਿਰਧਾਰਤ ਸਮੇਂ ਤੱਕ ਦਫ਼ਤਰ ਵਿੱਚ ਮੌਜੂਦ ਰਹਿਣਾ ਲਾਜ਼ਮੀ ਹੈ। ਸਰਕਾਰੀ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਦਾ ਡਿਊਟੀ ਤੇ ਦੇਰੀ ਨਾਲ ਪਹੁੰਚਣਾ ਹੌਲੀ-ਹੌਲੀ ਇੱਕ ਰੁਝਾਨ ਬਣਦਾ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਇਸ ਤਰ੍ਹਾਂ ਦੀ ਲਾਪਰਵਾਹੀ ਨੂੰ ਰੋਕਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਅਚਨਚੇਤ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰ ਲੋਕਾਂ ਦੀ ਸੇਵਾ ਲਈ ਹਨ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵਾਰ-ਵਾਰ ਚੱਕਰ ਨਹੀਂ ਲਾਉਣੇ ਪੈਣੇ ਚਾਹੀਦੇ। ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਲੋਕਾਂ ਦੇ ਕੰਮ ਨਿਪਟਾਉਣ। ਚੈਕਿੰਗ ਦੌਰਾਨ ਗੈਰਹਾਜ਼ਰ ਪਾਏ ਗਏ ਮੁਲਾਜ਼ਮਾਂ ਸਬੰਧੀ ਹਾਜ਼ਰੀ ਰਜਿਸਟਰ ਅਤੇ ਵਿਭਾਗੀ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ। ਇਸ ਦੇ ਆਧਾਰ ਤੇ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਵੱਲੋਂ ਕੀਤੀ ਗਈ ਇਸ ਅਚਨਚੇਤ ਚੈਕਿੰਗ ਨਾਲ ਸਰਕਾਰੀ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਅਤੇ ਕੰਮਕਾਜ ਨੂੰ ਲੈ ਕੇ ਹਲਚਲ ਦੇਖਣ ਨੂੰ ਮਿਲੀ।