ਬਸਤੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਘੇਰਿਆ
ਬਸਤੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਘੇਰਿਆ
Publish Date: Fri, 12 Jun 2026 05:11 PM (IST)
Updated Date: Sat, 13 Jun 2026 04:03 AM (IST)

15 ਦਿਨਾਂ ਅੰਦਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਵਿੱਢਣ ਦਾ ਐਲਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸੁੰਦਰ ਬਸਤੀ (ਵਾਰਡ-21) ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਤੇ ਗੰਦੇ ਪਾਣੀ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚਿਆ। ਇਸ ਦੌਰਾਨ ਵਫ਼ਦ ਦਾ ਸਾਹਮਣਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਇਆ, ਜਿੱਥੇ ਸੁੰਦਰ ਬਸਤੀ ਦੀਆਂ ਬੁਨਿਆਦੀ ਸਮੱਸਿਆਵਾਂ, ਖਾਸ ਕਰ ਕੇ ਸੀਵਰੇਜ ਪ੍ਰਬੰਧ ਨੂੰ ਲੈ ਕੇ ਦਰਸ਼ਨ ਕਾਂਗੜਾ ਦੀ ਵਿੱਤ ਮੰਤਰੀ ਨਾਲ ਤਿੱਖੀ ਬਹਿਸ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਕੌਂਸਲ ਤੇ ਸਬੰਧਤ ਵਿਭਾਗਾਂ ਦੀ ਲਾਪ੍ਰਵਾਹੀ ਕਾਰਨ ਬਸਤੀ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹੋ ਰਹੇ ਹਨ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਪਰੰਤ ਵਫ਼ਦ ਵੱਲੋਂ ਡੀਸੀ ਸੰਗਰੂਰ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਮੰਗ ਪੱਤਰ ਸੌਂਪ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ। ਦਰਸ਼ਨ ਕਾਂਗੜਾ ਨੇ ਕਿਹਾ ਕਿ ਸੁੰਦਰ ਬਸਤੀ ’ਚ ਵੱਡੀ ਗਿਣਤੀ ਵਾਲਮੀਕਿ ਭਾਈਚਾਰੇ ਦੇ ਲੋਕ ਰਹਿੰਦੇ ਹਨ, ਪਰ ਸਾਲਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਗਲੀਆਂ ’ਚ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀਸੀ ਕੋਠੀ ਸਾਹਮਣੇ ਨਵੀਂ ਸੀਵਰੇਜ ਪਾਈਪਲਾਈਨ ਤਾਂ ਵਿਛਾਈ ਗਈ, ਪਰ ਇਸ ਦਾ ਲਾਭ ਸੁੰਦਰ ਬਸਤੀ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਪਾਈਪ ਲਾਈਨ ਦਾ ਕੁਨੈਕਸ਼ਨ ਸੁੰਦਰ ਬਸਤੀ ਦੀ ਜਗ੍ਹਾ ਪ੍ਰੇਮ ਬਸਤੀ ਨਾਲ ਜੋੜ ਕੇ ਜਾਤੀ ਭੇਦ ਭਾਵ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਬੰਧਤ ਵਿਭਾਗਾਂ ਤੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਬਸਤੀ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ-ਅੰਦਰ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਅੰਬੇਡਕਰ ਮਿਸ਼ਨ ਤੇ ਮੁਹੱਲਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਤੇ ਨਗਰ ਕੌਂਸਲ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਇਸ ਮੌਕੇ ਰਾਣਾ ਬਾਲੂ, ਜਗਸੀਰ ਸਿੰਘ ਜੱਗਾ, ਰੂਪ ਸਿੰਘ ਧਾਲੀਵਾਲ, ਸਵਰਨ ਸਿੰਘ, ਮਨੋਜ ਕੁਮਾਰ, ਸਾਜਨ ਕਾਂਗੜਾ, ਰਵੀ ਕੁਮਾਰ ਚੌਹਾਨ ਹਾਜ਼ਰ ਸਨ।