ਦੁਕਾਨ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਦੁਕਾਨ ’ਚ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ
Publish Date: Sat, 28 Feb 2026 05:51 PM (IST)
Updated Date: Sat, 28 Feb 2026 05:52 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਬੀਤੀ ਰਾਤ ਸ਼ਹਿਰ ਦੇ ਜਾਖਲ ਰੋਡ ’ਤੇ ਸਥਿਤ ਬੂਟਾਂ ਅਤੇ ਕਰਿਆਨੇ ਦਾ ਸਾਮਾਨ ਸਪਲਾਈ ਕਰਨ ਵਾਲੀ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਦੁਕਾਨ ’ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਫਾਇਰ ਬ੍ਰਿਗੇਡ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ, ਜਿਸ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਹਿਰ ਦੇ ਜਾਖਲ ਪਾਤੜਾਂ ਮੁੱਖ ਸੜਕ ਤੇ ਬੂਟਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਦੁਕਾਨ ’ਚ ਪਏ ਸਾਮਾਨ ਤੋਂ ਇਲਾਵਾ ਫਰਨੀਚਰ, ਦੋ ਮੋਟਰਸਾਈਕਲ ਅਤੇ ਏਸੀ ਵੀ ਅੱਗ ਦੀ ਭੇਟ ਚੜ੍ਹ ਗਏ। ਇਸ ਦੌਰਾਨ ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਰਣਵੀਰ ਸਿੰਘ ਅਤੇ ਸਾਬਕਾ ਪ੍ਰਧਾਨ ਪ੍ਰੇਮ ਗੁਪਤਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਨਾਲ ਦੁਕਾਨਦਾਰ ਦਾ ਬਹੁਤ ਭਾਰੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਦੁਕਾਨਦਾਰ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪੀੜਤ ਦੁਕਾਨਦਾਰ ਮੇਘ ਰਾਜ ਨੇ ਕਿਹਾ ਕਿ ਅੱਗ ਲੱਗਣ ਨਾਲ ਜਿੱਥੇ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਉੱਥੇ ਹੀ ਉਸ ਦਾ ਸਾਰਾ ਕੰਮ ਵੀ ਠੱਪ ਹੋ ਗਿਆ ਹੈ ਕਿਉਂਕਿ ਇਸ ਦੁਕਾਨ ਦੀ ਆਮਦਨ ਤੋਂ ਹੀ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਸ਼ਹਿਰ ਅੰਦਰ ਫਾਇਰ ਬ੍ਰਿਗੇਡ ਨਾ ਹੋਣ ਕਾਰਨ ਪਹਿਲਾਂ ਵੀ ਕਈ ਵਾਰ ਵੱਡੇ ਨੁਕਸਾਨ ਹੋ ਚੁੱਕੇ ਹਨ। ਸ਼ਹਿਰ ਵਾਸੀਆਂ ਨੇ ਅੱਗ ਲੱਗਣ ਦੀਆਂ ਹੋ ਰਹੀਆਂ ਘਟਨਾਵਾਂ ਨੂੰ ਦੇਖਦਿਆਂ ਪ੍ਰਸ਼ਾਸਨ ਤੋਂ ਫਾਇਰ ਬ੍ਰਿਗੇਡ ਦੀ ਮੰਗ ਕੀਤੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਜੇਕਰ ਅੱਜ ਵੀ ਫਾਇਰ ਬ੍ਰਿਗੇਡ ਸਮੇਂ ਸਿਰ ਪੁੱਜ ਜਾਂਦੀ ਤਾਂ ਪੀੜਤ ਦੁਕਾਨਦਾਰ ਦਾ ਇਨ੍ਹਾਂ ਵੱਡਾ ਨੁਕਸਾਨ ਨਾ ਹੁੰਦਾ।