ਆਜ਼ਾਦੀ ਦਿਵਸ ਸਮਾਗਮ ਦੀ ਸੱਭਿਆਚਾਰਕ ਪੇਸ਼ਕਾਰੀ ਦੀ ਪਹਿਲੀ ਰਿਹਰਸਲ ਆਜ਼ਾਦੀ ਦਿਵਸ ਸਮਾਗਮ ਦੀ ਸੱਭਿਆਚਾਰਕ ਪੇਸ਼ਕਾਰੀ ਦੀ ਪਹਿਲੀ ਰਿਹਰਸਲ
Publish Date: Sun, 09 Aug 2026 04:08 PM (IST)
Updated Date: Sun, 09 Aug 2026 04:11 PM (IST)
ਡਾ. ਜਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ’ਚ ਕਰਵਾਇਆ ਸਮਾਗਮ ਸੱਤਪਾਲ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ : ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤਹਿਤ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਵੱਖ-ਵੱਖ ਸਕੂਲਾਂ ਤੇ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ, ਪੰਜਾਬੀ ਸੱਭਿਆਚਾਰ ਅਤੇ ਲੋਕ ਕਲਾਵਾਂ ਨਾਲ ਸਬੰਧਤ ਪੇਸ਼ਕਾਰੀਆਂ ਦੀ ਰਿਹਰਸਲ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਰਿਹਰਸਲ ਦਾ ਨਿਰੀਖਣ ਕਰਦਿਆਂ ਪ੍ਰਬੰਧਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਬਿਹਤਰ ਪੇਸ਼ਕਾਰੀ ਲਈ ਲਗਾਤਾਰ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਦਾ ਮਹੱਤਵਪੂਰਨ ਮੌਕਾ ਹੈ ਅਤੇ ਸਮਾਗਮ ਵਿੱਚ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਨਾਲ-ਨਾਲ ਪੰਜਾਬੀ ਵਿਰਸੇ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਸਕੂਲ ਮੁਖੀਆਂ ਅਤੇ ਪ੍ਰੋਗਰਾਮ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਪੇਸ਼ਕਾਰੀਆਂ ਦਾ ਨਿਰੰਤਰ ਅਭਿਆਸ ਕਰਵਾਇਆ ਜਾਵੇ, ਤਾਂ ਜੋ 15 ਅਗਸਤ ਦੇ ਸਮਾਗਮ ਦੌਰਾਨ ਸਾਰੀਆਂ ਆਈਟਮਾਂ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀਆਂ ਜਾ ਸਕਣ। ਰਿੰਪੀ ਗਰਗ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ 11 ਅਗਸਤ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਆਜ਼ਾਦੀ ਦਿਵਸ ਸਮਾਗਮ ਦੌਰਾਨ ਪੁਲੀਸ, ਹੋਮਗਾਰਡ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲਾਂ ਦੇ ਬੈਂਡ ਦਸਤੇ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ। ਗਿੱਧਾ, ਭੰਗੜਾ ਅਤੇ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਸਮਾਗਮ ਦਾ ਮੁੱਖ ਆਕਰਸ਼ਣ ਰਹਿਣਗੀਆਂ। ਇਸ ਮੌਕੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਕਮਲੇਸ਼, ਪ੍ਰਿੰਸੀਪਲ ਆਰਤੀ ਗੁਪਤਾ, ਮੁੱਖ ਅਧਿਆਪਕ ਰਾਜਵੀਰ ਕੌਰ, ਡਾ. ਸਲੀਮ ਜ਼ੁਬੈਰੀ ਸਮੇਤ ਵੱਖ-ਵੱਖ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ। ਰਿਹਰਸਲ ਵਿੱਚ ਕੇ.ਐਮ.ਆਰ.ਡੀ. ਜੈਨ ਕਾਲਜ (ਲੜਕੀਆਂ), ਮਾਡਰਨ ਕਾਲਜ ਆਫ਼ ਐਜੂਕੇਸ਼ਨ ਰਾਨਵਾ, ਸੀਤਾ ਗਰਾਮਰ ਸਕੂਲ, ਸੋਹਰਾਬ ਪਬਲਿਕ ਸਕੂਲ, ਡੀ.ਏ.ਵੀ. ਪਬਲਿਕ ਸਕੂਲ, ਅਮਨ ਵਾਟਿਕਾ ਹਾਈ ਸਕੂਲ, ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਿੱਲੀ ਗੇਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਿਰ, ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ, ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੀ.ਐਮ.ਬੀ. ਕਾਨਵੈਂਟ ਸਕੂਲ ਜਮਾਲਪੁਰਾ, ਹੋਮ ਫਾਰ ਬਲਾਇੰਡ ਸਕੂਲ ਅਤੇ ਬਸੰਤ ਵੈਲੀ ਹਾਈ ਸਕੂਲ ਸਮੇਤ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।