8.95 ਕਰੋੜ ਰੁਪਏ ਨਾਲ ਸੁਨਾਮ ਰੇਲਵੇ ਸਟੇਸ਼ਨ ’ਤੇ ਬਣੇਗਾ ਫੁੱਟ ਓਵਰ ਬ੍ਰਿਜ਼
ਸੁਨਾਮ ਰੇਲਵੇ ਸਟੇਸ਼ਨ ਤੇ ਬਣੇਗਾ ਫੁੱਟ ਓਵਰ ਬ੍ਰਿਜ਼
Publish Date: Sun, 08 Feb 2026 06:31 PM (IST)
Updated Date: Mon, 09 Feb 2026 04:08 AM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਬਸ਼ਿੰਦਿਆਂ ਨੂੰ 17 ਕਰੋੜ ਰੁਪਏ ਦੇ ਰੇਲਵੇ ਪ੍ਰਾਜੈਕਟ ਦਿੱਤੇ ਗਏ ਹਨ। ਨਿਰਮਾਣ ਅਧੀਨ ਰੇਲਵੇ ਅੰਡਰ ਬ੍ਰਿਜ਼ ਤੋਂ ਬਾਅਦ ਹੁਣ ਕ਼ਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਸਟੇਸ਼ਨ ’ਤੇ ਫੁੱਟ ਓਵਰ ਬਰਿਜ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਐਤਵਾਰ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਇੰਟਰਨੈੱਟ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫ਼ਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਬਸ਼ਿੰਦਿਆਂ ਨੂੰ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਵਿਕਾਸ ਦਾ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਰੇਲਵੇ ਨਾਲ ਸਬੰਧਿਤ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁੱਲ 17.09 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਲਾਗੂ ਕੀਤਾ ਗਿਆ ਹੈ। ਇਸ ਤਹਿਤ 8.14 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਅਧੀਨ ਰੇਲਵੇ ਅੰਡਰਬ੍ਰਿਜ ਲੱਗਭਗ ਤਿਆਰ ਹੋ ਚੁੱਕਾ ਹੈ, ਜੋ ਬਹੁਤ ਜਲਦ ਸੁਨਾਮ ਨਿਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਅੰਡਰਬ੍ਰਿਜ ਨਾਲ ਆਵਾਜਾਈ ਸੁਖਾਲ਼ੀ ਹੋਵੇਗੀ ਤੇ ਲੋਕਾਂ ਨੂੰ ਰੋਜ਼ਾਨਾ ਦੀ ਆਉਣ-ਜਾਣ ’ਚ ਵੱਡੀ ਰਾਹਤ ਮਿਲੇਗੀ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੱਸਿਆ ਕਿ ਇਸ ਤੋਂ ਇਲਾਵਾ 8.95 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਫੁੱਟ ਓਵਰ ਬ੍ਰਿਜ ਦਾ ਕੰਮ ਵੀ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਇਸ ਫੁੱਟ ਓਵਰ ਬ੍ਰਿਜ ਵਿਚ ਪੌੜੀਆਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਅਨੁਸਾਰ ਰੈਂਪ ਦੀ ਵੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਬਜ਼ੁਰਗਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਹਮੇਸ਼ਾਂ ਵਿਕਾਸ ਤੇ ਲੋਕ-ਭਲਾਈ ਲਈ ਵਚਨਬੱਧ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਵੀ ਸੁਨਾਮ ਖੇਤਰ ’ਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ, ਇਸ ਕਾਰਜਾਂ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ।