ਪਹਿਲੀ ਵਾਰ ਪੰਜਾਬ ਨੂੰ ਮਿਲੀ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ : ਮਾਨ ਪਹਿਲੀ ਵਾਰ ਪੰਜਾਬ ਨੂੰ ਮਿਲੀ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ: ਭਗਵੰਤ ਮਾਨ
Publish Date: Sun, 11 Oct 2026 08:54 PM (IST)
Updated Date: Mon, 12 Oct 2026 04:09 AM (IST)
* ਕਿਹਾ, ਦਫ਼ਤਰ ’ਤੇ ਸੀਬੀਆਈ ਦੀ ਛਾਪੇਮਾਰੀ ਦੌਰਾਨ ਕੁਝ ਨਹੀਂ ਮਿਲਿਆ * ਪਿੰਡ ਦੇ ਵਿਕਾਸ ਲਈ 60 ਲੱਖ ਦਾ ਚੈੱਕ ਵਿਕਾਸ ਕਾਰਜਾਂ ਲਈ ਦਿੱਤਾ ਫੋਟੋ–33 ਕੈਪਸ਼ਨ–ਪਿੰਡ ਮੀਂਮਸਾ ਵਿੱਚ ਵਿਕਾਸ ਕਾਰਜਾਂ ਦਾ ਚੈੱਕ ਦਿੰਦੇ ਹੋਏ ਸੀਐੱਮ ਭਗਵੰਤ ਸਿੰਘ ਮਾਨ। ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ’ਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇ ਕੇ ਕੰਮ ਕਰ ਰਹੀ ਹੈ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਆਪਣੇ ਕੰਮਾਂ ਦੇ ਦਮ ’ਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਪਹਿਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ, ਜਦਕਿ ਉਨ੍ਹਾਂ ਦੀ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਕਰਵਾ ਕੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ। ਸੀਐੱਮ ਐਤਵਾਰ ਨੂੰ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਮੀਂਮਸਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਲਈ 60 ਲੱਖ ਦਾ ਚੈੱਕ ਵਿਕਾਸ ਕਾਰਜਾਂ ਲਈ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਲੋਕਾਂ ਦਾ ਹੈ ਅਤੇ ਇਸ ’ਚ ਜਮ੍ਹਾਂ ਹੋਣ ਵਾਲਾ ਹਰ ਪੈਸਾ ਲੋਕਾਂ ਦੀ ਭਲਾਈ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਸੜਕਾਂ, ਸਕੂਲਾਂ, ਹਸਪਤਾਲਾਂ, ਸਿੰਜਾਈ ਸਹੂਲਤਾਂ ਤੇ ਹੋਰ ਵਿਕਾਸ ਕਾਰਜਾਂ ਰਾਹੀਂ ਸਰਕਾਰੀ ਪੈਸਾ ਲੋਕਾਂ ਤੱਕ ਵਾਪਸ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਯੋਜਨਾਵਾਂ ਕਾਰਨ ਹਰੇਕ ਪਰਿਵਾਰ ਨੂੰ ਹਰ ਮਹੀਨੇ ਲਗਪਗ 15 ਹਜ਼ਾਰ ਰੁਪਏ ਦੀ ਬੱਚਤ ਹੋ ਰਹੀ ਹੈ। ਸੂਬੇ ’ਚ 90 ਫ਼ੀਸਦੀ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਹਿਰੀ ਸਿੰਜਾਈ ਪ੍ਰਬੰਧ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਅਨੁਸਾਰ, ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਇਹ ਸਹੂਲਤ ਨਹੀਂ ਸੀ। ਸਿੰਜਾਈ ਸਹੂਲਤਾਂ ਦੇ ਵਿਸਥਾਰ ’ਤੇ 7,200 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਸਾਲ 2022 ’ਚ 20.89 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ 60.30 ਲੱਖ ਏਕੜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਅਦਾਇਗੀ ਸਿੱਧੀ ਬੈਂਕ ਖਾਤਿਆਂ ’ਚ ਕੀਤੀ ਜਾ ਰਹੀ ਹੈ। ਸਰਕਾਰ ਦਾ ਯਤਨ ਹੈ ਕਿ ਕਿਸਾਨ ਮੰਡੀ ਤੋਂ ਘਰ ਪਹੁੰਚਣ ਤੋਂ ਪਹਿਲਾਂ ਹੀ ਆਪਣੀ ਫ਼ਸਲ ਦਾ ਭੁਗਤਾਨ ਪ੍ਰਾਪਤ ਕਰ ਲੈਣ, ਤਾਂ ਜੋ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਬਿਨਾਂ ਭ੍ਰਿਸ਼ਟਾਚਾਰ ਦੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਬਿਨਾਂ ਭ੍ਰਿਸ਼ਟਾਚਾਰ ਦੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਪਿੰਡਾਂ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ਬੰਦ ਕਰਵਾ ਕੇ ਯਾਤਰੀਆਂ ਨੂੰ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਕਰਵਾਉਣ ਦਾ ਦਾਅਵਾ ਵੀ ਸਰਕਾਰ ਦੀਆਂ ਪ੍ਰਾਪਤੀਆਂ ਵਿੱਚ ਸ਼ਾਮਲ ਹੈ।