ਜੰਗਲਾਤ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਸ ਮਾਰਚ ਜੰਗਲਾਤ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਸ ਮਾਰਚ
Publish Date: Sat, 04 Jul 2026 04:43 PM (IST)
Updated Date: Sun, 05 Jul 2026 04:03 AM (IST)
ਪ੍ਰਸ਼ਾਸਨ ਨੇ 14 ਜੁਲਾਈ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਮੰਗਾਂ ਦੀ ਪੂਰਤੀ ਕਰਵਾਉਣ ਲਈ ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਸ਼ਨਿੱਚਰਵਾਰ ਨੂੰ ਸਥਾਨਕ ਧੂਰੀ ਰੋਡ ’ਤੇ ਸੂਬਾ ਪੱਧਰੀ ਰੋਸ ਧਰਨਾ ਦੇਣ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਯੋਧਾਨਗਰੀ, ਜਨਰਲ ਸਕੱਤਰ ਬਲਵੀਰ ਸਿਵੀਆ ਤੇ ਵਿੱਤ ਸਕੱਤਰ ਬਲਵੀਰ ਗਿੱਲਾਂਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਤੇ ਜਿਹੜੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਹੈ। ਉਨ੍ਹਾਂ ਨੂੰ ਵੀ ਪੱਕੇ ਮੁਲਾਜ਼ਮ ਵਾਲੀ ਕੋਈ ਸਹੂਲਤ ਨਹੀਂ ਦਿੱਤੀ ਗਈ। ਉਨ੍ਹਾਂ ਆਖਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਗਰੰਟੀ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੇਵਲ ਮੀਟਿੰਗਾਂ ਕਰਕੇ ਟਾਇਮ ਟਪਾਇਆ ਜਾ ਰਿਹਾ ਹੈ ਪਰ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜਥੇਬੰਦੀ ਦੇ ਆਗੂਆਂ ਜਗੀਰ ਸਿੰਘ ਦਸੂਹਾ, ਜਤਿੰਦਰ ਸਿੰਘ ਮਲੋਟ, ਗੁਰਪ੍ਰੀਤ ਸਿੰਘ ਮੋਗਾ ਅਤੇ ਹਰਿੰਦਰ ਕੁਮਾਰ ਐਮਾ ਨੇ ਆਖਿਆ ਕਿ ਵਿਭਾਗ ਵੱਲੋਂ ਉਹਨਾਂ ਦੀ ਸੀਨੀਅਤਾ ਤੈਅ ਕਰਨ ਵੇਲੇ ਨਾ ਮਹੀਨੇ ਦੇ ਪੂਰੇ ਦਿਨ ਗਿਣੇ ਜਾ ਰਹੇ ਹਨ ਅਤੇ ਨਾ ਹੀ ਸਰਵਿਸ ਰਿਕਾਰਡ ਵਿਚਲੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਪਾਸੇ ਆਪਣੇ ਸਿਆਸੀ ਹਿੱਤਾਂ ਲਈ ਔਰਤਾਂ ਦੇ ਖਾਤਿਆਂ ਵਿੱਚ 1000/1500 ਰੁਪਏ ਪਾ ਕੇ ਵਾਹ- ਵਾਹ ਖੱਟੀ ਜਾ ਰਹੀ ਹੈ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਜੰਗਲਾਤ ਮੁਲਾਜ਼ਮਾਂ ਨੂੰ ਪਿਛਲੇ 4 ਮਹੀਨੇ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਗੁਰਵਿੰਦਰ ਸਿੰਘ ਮਚਾਕੀ, ਮਹਿੰਦਰਪਾਲ ਦਸੂਹਾ, ਬਲਵਿੰਦਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਉਹਨਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜੰਗਲਾਤ ਮੁਲਾਜ਼ਮਾਂ ਦੇ ਸਮਰਥਨ ਵਿੱਚ ਪੁੱਜੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਨਰਲ ਸਕੱਤਰ ਹਰਦੀਪ ਟੋਡਰਪੁਰ, ਸੂਬਾਈ ਆਗੂਆਂ ਮੇਘ ਰਾਜ, ਬਲਜਿੰਦਰ ਪ੍ਰਭੂ, ਗੁਰਜੀਤ ਘੱਗਾ, ਹਰਜੀਤ ਸਿੰਘ ਵਾਲੀਆ, ਬੱਬਣਪਾਲ ਸੰਗਰੂਰ, ਸ਼ਿਵ ਦਿਆਲ, ਪ੍ਰਤਾਪ ਸਿੰਘ ਮੌਜੂਦ ਸਨ।