ਵਿਧਾਨ ਸਭਾ ਚੋਣ ਲੜਨਗੇ ਪਰਮੇਸ਼ਵਰ ਪਾਲ
ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜਨਗੇ ਇੰਟਕ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪਰਮੇਸ਼ਵਰ ਪਾਲ
Publish Date: Wed, 18 Nov 2026 04:27 PM (IST)
Updated Date: Wed, 18 Nov 2026 04:27 PM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ ਇੰਟਕ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਾਲੇਰਕੋਟਲਾ ਪਰਮੇਸ਼ਵਰ ਪਾਲ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇੱਥੇ ਅਹਿਮਦਗੜ੍ਹ ਵਿਖੇ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬ ਅੰਦਰ ਰਹਿ ਕੇ ਮਜ਼ਦੂਰਾਂ ਅਤੇ ਜਥੇਬੰਦਕ ਸਰਗਰਮੀਆਂ ਨਾਲ ਜੁੜੇ ਹੋਏ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਪਰਮੇਸ਼ਵਰ ਪਾਲ ਨੇ ਦੁਖੀ ਹਿਰਦੇ ਨਾਲ ਕਿਹਾ ਕਿ ਉਹ ਮੂਲ ਰੂਪ ਵਿੱਚ ਰਾਇਬਰੇਲੀ ਨਾਲ ਸਬੰਧਤ ਹਨ ਅਤੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਅਤੇ ਜਥੇਬੰਦੀ ਲਈ ਕੀਤੀ ਮਿਹਨਤ ਦੇ ਬਾਵਜੂਦ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਵਾਰ ਉਹ ਆਪਣੇ ਨਾਲ ਹੋਈ ਬੇਇਨਸਾਫ਼ੀ ਦਾ ਜਵਾਬ ਚੋਣ ਮੈਦਾਨ ਵਿੱਚ ਦੇਣਗੇ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਆਪਣੀ ਸਿਆਸੀ ਤਾਕਤ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਵਾਰ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ਦੀ ਬਜਾਏ ਆਜ਼ਾਦ ਉਮੀਦਵਾਰ ਵਜੋਂ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ।