ਮੁੱਖ ਮੰਤਰੀ ਦੇ ਧੂਰੀ ਦੌਰੇ ਦੌਰਾਨ ਸਾਬਕਾ ਵਿਧਾਇਕ ਦਲਵੀਰ ਗੋਲਡੀ ਮੁੜ ਨਜ਼ਰਬੰਦ ਮੁੱਖ ਮੰਤਰੀ ਦੇ ਧੂਰੀ ਦੌਰੇ ਦੌਰਾਨ ਸਾਬਕਾ ਵਿਧਾਇਕ ਦਲਵੀਰ ਗੋਲਡੀ ਮੁੜ ਨਜ਼ਰਬੰਦ
Publish Date: Sun, 25 Oct 2026 07:04 PM (IST)
Updated Date: Mon, 26 Oct 2026 04:07 AM (IST)
ਪੁਲਿਸ ’ਤੇ ਧੱਕੇਸ਼ਾਹੀ ਕਰਨ ਤੇ ਮੋਬਾਈਲ ਫੋਨ ਖੋਹਣ ਦੇ ਗੰਭੀਰ ਦੋਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚਣ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ ਦੁਪਹਿਰ ਸਮੇਂ ਉਨ੍ਹਾਂ ਦੀ ਰਿਹਾਇਸ਼ ਦੇ ਸਾਹਮਣੇ ਸਥਿਤ ‘ਗਰਗ ਪੈਲੇਸ’ ਦੇ ਅੰਦਰ ਪੁਲਿਸ ਪ੍ਰਸ਼ਾਸਨ ਵੱਲੋਂ ਮੁੜ ਨਜ਼ਰਬੰਦ ਕਰ ਦਿੱਤਾ ਗਿਆ। ਨਜ਼ਰਬੰਦੀ ਤੋਂ ਬਾਅਦ ਗੁੱਸੇ ਵਿੱਚ ਆਏ ਦਲਵੀਰ ਸਿੰਘ ਗੋਲਡੀ ਨੇ ਪੁਲਿਸ ਅਤੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਦੇ ਹਾਲਾਤ ਅੰਗਰੇਜ਼ਾਂ ਦੇ ਸ਼ਾਸਨ ਨਾਲੋਂ ਵੀ ਵੱਧ ਮਾੜੇ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਮੁੱਖ ਮੰਤਰੀ ਧੂਰੀ ਦੇ ਦੌਰੇ ’ਤੇ ਆਉਂਦੇ ਹਨ ਤਾਂ ਵਿਰੋਧੀ ਪਾਰਟੀਆਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪ੍ਰਸ਼ਾਸਨਿਕ ਧੱਕੇਸ਼ਾਹੀ ਦਾ ਸਹਾਰਾ ਲਿਆ ਜਾਂਦਾ ਹੈ। ਗੋਲਡੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਨੀਤੀਆਂ ਨਾਲ ਇਲਾਕੇ ਦੇ ਲੋਕਾਂ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ’ਤੇ ਗੰਭੀਰ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਘੜੀਸ ਕੇ ਗਰਗ ਪੈਲੇਸ ਦੇ ਅੰਦਰ ਬੰਦ ਕਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਸਾਥੀਆਂ ਅਤੇ ਸਮਰਥਕਾਂ ਦੇ ਮੋਬਾਈਲ ਫੋਨ ਵੀ ਜ਼ਬਰਦਸਤੀ ਖੋਹ ਲਏ, ਤਾਂ ਜੋ ਇਸ ਧੱਕੇਸ਼ਾਹੀ ਦੀ ਕੋਈ ਵੀ ਵੀਡੀਓ ਜਾਂ ਸੁਨੇਹਾ ਬਾਹਰ ਨਾ ਜਾ ਸਕੇ।