ਸਾਬਕਾ ਵਿਧਾਇਕ ਜਲਾਲਪੁਰ ਦੀ ਕਾਂਗਰਸ ’ਚ ਵਾਪਸੀ ਸਾਬਕਾ ਵਿਧਾਇਕ ਜਲਾਲਪੁਰ ਦੀ ਕਾਂਗਰਸ ’ਚ ਵਾਪਸੀ
Publish Date: Mon, 23 Nov 2026 06:18 PM (IST)
Updated Date: Mon, 23 Nov 2026 06:22 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪੰਜਾਬ ਕਾਂਗਰਸ ਵਿਚ ਜਥੇਬੰਦਕ ਤਬਦੀਲੀਆਂ ਤੇ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਰਮਿਆਨ ਘਨੌਰ ਹਲਕੇ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿਚ ਮੁੜ ਵਾਪਸੀ ਹੋ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਉਨ੍ਹਾਂ ਦੀ ਪਾਰਟੀ ’ਚੋਂ ਕੀਤੀ ਗਈ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਬਹਾਲੀ ਦਾ ਅਧਿਕਾਰਤ ਪੱਤਰ ਵੀ ਸੌਂਪ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਮਦਨ ਲਾਲ ਜਲਾਲਪੁਰ ਅਤੇ ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਉਪਰੰਤ ਉਨ੍ਹਾਂ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਕਰਨ ਸਬੰਧੀ ਬਹਾਲੀ ਦਾ ਪੱਤਰ ਸੌਂਪਿਆ ਗਿਆ। ਇਸ ਫ਼ੈਸਲੇ ਨਾਲ ਜਲਾਲਪੁਰ ਲਈ ਮੁੜ ਕਾਂਗਰਸ ਦੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਰਾਹ ਖੁੱਲ੍ਹ ਗਿਆ ਹੈ। --ਤਿੰਨ ਸਾਲ ਲਈ ਕੀਤਾ ਗਿਆ ਸੀ ਪਾਰਟੀ ’ਚੋਂ ਮੁਅੱਤਲ ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੀ ਸੂਬਾ ਪ੍ਰਧਾਨਗੀ ਨੂੰ ਲੈ ਕੇ ਚੱਲੇ ਵਿਵਾਦ ਦੌਰਾਨ ਮਦਨ ਲਾਲ ਜਲਾਲਪੁਰ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਤਤਕਾਲੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰਜਸ਼ੈਲੀ ਬਾਰੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਤਤਕਾਲੀ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਸਮੇਂ ਪਾਰਟੀ ਅਨੁਸ਼ਾਸਨ ਸਬੰਧੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤਿੰਨ ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਸੀ। -ਦੋ ਕੈਬਨਿਟ ਮੰਤਰੀਆਂ ਨੂੰ ਹਰਾ ਕੇ ਬਣੇ ਸਨ ਆਜ਼ਾਦ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਘਨੌਰ ਹਲਕੇ ਦੀ ਸਿਆਸਤ ’ਚ ਲੰਮਾ ਅਤੇ ਅਹਿਮ ਸਿਆਸੀ ਸਫ਼ਰ ਰਿਹਾ ਹੈ। ਸਾਲ 2007 ਦੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦਿਆਂ ਤਤਕਾਲੀ ਕੈਬਨਿਟ ਮੰਤਰੀ ਜਸਜੀਤ ਸਿੰਘ ਰੰਧਾਵਾ ਅਤੇ ਅਜਾਇਬ ਸਿੰਘ ਮੁਖਮੇਲਪੁਰ ਵਰਗੇ ਸਿਆਸੀ ਦਿੱਗਜਾਂ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਇਸ ਜਿੱਤ ਨਾਲ ਉਨ੍ਹਾਂ ਨੇ ਘਨੌਰ ਹਲਕੇ ’ਚ ਆਪਣੀ ਵੱਖਰੀ ਪਛਾਣ ਬਣਾਈ। -ਹਰਦਿਆਲ ਕੰਬੋਜ ਦੇ ਭਾਜਪਾ ’ਚ ਜਾਣ ਤੋਂ ਬਾਅਦ ਵੀ ਉਠਾਏ ਸਨ ਸਵਾਲ ਹਾਲ ਹੀ ’ਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਵੀ ਮਦਨ ਲਾਲ ਜਲਾਲਪੁਰ ਨੇ ਪਾਰਟੀ ਦੇ ਦਫ਼ਤਰੀ ਕੰਮਕਾਜ ਤੇ ਜਥੇਬੰਦਕ ਕਾਰਜਪ੍ਰਣਾਲੀ ਤੇ ਸਵਾਲ ਉਠਾਏ ਸਨ। ਪਾਰਟੀ ਅੰਦਰ ਸੀਨੀਅਰ ਆਗੂਆਂ ਦੀ ਨਾਰਾਜ਼ਗੀ ਦੂਰ ਕਰਨ ਤੇ ਉਨ੍ਹਾਂ ਨੂੰ ਮੁੜ ਇਕਜੁੱਟ ਕਰਨ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪਹਿਲਕਦਮੀ ਕੀਤੀ ਗਈ। ਇਸੇ ਲੜੀ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਜਲਾਲਪੁਰ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਕੌਮੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾਪਾਰਟੀ ’ਚ ਮੁੜ ਬਹਾਲ ਹੋਣ ਤੋਂ ਬਾਅਦ ਮਦਨ ਲਾਲ ਜਲਾਲਪੁਰ ਨੇ ਕਾਂਗਰਸ ਦੀ ਕੌਮੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਹੁਣ ਦੇਖਣਾ ਹੋਵੇਗਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਅਤੇ ਚੋਣ ਤਿਆਰੀਆਂ ਵਿੱਚ ਕਿਹੋ ਜਿਹੀ ਭੂਮਿਕਾ ਨਿਭਾਉਂਦੇ ਹਨ।