- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਨੌਰ ਦੇ ਪਿੰਡਾਂ ਵਿੱਚ ਸਰਗਰਮ ਹੋਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਤੇ ਵਰਕਰ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਜਲਾਲਪੁਰ ਨੇ ਸਪੱਸ਼ਟ ਕੀਤਾ ਕਿ ਉਹ ਕਾਂਗਰਸੀ ਹਨ, ਕਾਂਗਰਸੀ ਹੀ ਰਹਿਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਹੀ ਲੜਨਗੇ। ਸਾਬਕਾ ਵਿਧਾਇਕ ਨੇ ਪਿੰਡ ਮਰਦਾਂਪੁਰ, ਸੰਧਾਰਸੀ, ਉਕਸੀ, ਖਲਾਸਪੁਰ, ਕਾਮੀ ਕਲਾਂ, ਹਰਪਾਲਪੁਰ, ਕੁੱਥਾਖੇੜੀ ਅਤੇ ਕਬੂਲਪੁਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਜਲਾਲਪੁਰ ਨੇ ਕਿਹਾ ਕਿ ਘਨੌਰ ਹਲਕਾ ਉਨ੍ਹਾਂ ਲਈ ਸਿਰਫ਼ ਸਿਆਸੀ ਹਲਕਾ ਨਹੀਂ, ਸਗੋਂ ਪਰਿਵਾਰ ਹੈ। ਘਨੌਰ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਪਿਆਰ, ਸਤਿਕਾਰ ਅਤੇ ਸਹਿਯੋਗ ਦਿੱਤਾ ਹੈ, ਜਿਸ ਨੂੰ ਉਹ ਕਦੇ ਵੀ ਸਿਆਸੀ ਲਾਭ-ਨੁਕਸਾਨ ਨਾਲ ਨਹੀਂ ਤੋਲਦੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਪਿੰਡ ਅਤੇ ਵਾਰਡ ਵਿੱਚ ਵਰਕਰਾਂ ਨਾਲ ਸਿੱਧਾ ਸੰਪਰਕ ਕਰਕੇ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਲਾਲਪੁਰ ਨੇ ਕਿਹਾ ਕਿ ਘਨੌਰ ਨੂੰ ਨਸ਼ਾ ਮੁਕਤ ਮਾਹੌਲ, ਬਿਹਤਰ ਸਿੱਖਿਆ, ਰੋਜ਼ਗਾਰ ਦੇ ਮੌਕੇ, ਕਿਸਾਨਾਂ ਤੇ ਮਜ਼ਦੂਰਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਸਿਰਫ਼ 2027 ਦੀ ਚੋਣ ਨਹੀਂ, ਸਗੋਂ ਨਸ਼ਾ ਮੁਕਤ ਅਤੇ ਤਰੱਕੀਸ਼ੀਲ ਘਨੌਰ ਦਾ ਨਿਰਮਾਣ ਕਰਨਾ ਹੈ। ਇਸ ਮੌਕੇ ਗੁਰਦੀਪ ਸਿੰਘ ਉਂਟਸਰ, ਗਗਨਦੀਪ ਸਿੰਘ ਜਲਾਲਪੁਰ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਫੌਜੀ, ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।