- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਯੂ ਵਿਖੇ ਚਾਰ ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਆਰੰਭ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ 'ਚਾਰ ਰੋਜ਼ਾ 'ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ' ਆਰੰਭ ਹੋ ਗਿਆ ਹੈ। ਇਸ ਯੁਵਕ ਮੇਲੇ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਉੱਘੇ ਲੋਕ ਗਾਇਕ ਪੰਮੀ ਬਾਈ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜ਼ਿਕਰਯੋਗ ਹੈ ਕਿ ਇਸ ਚਾਰ ਰੋਜ਼ਾ ਯੁਵਕ ਮੇਲੇ ਦੌਰਾਨ ਪੰਜਾਬ ਦੀਆਂ 23 ਵੱਖ-ਵੱਖ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ’ਚ ਜੇਤੂ ਵਿਦਿਆਰਥੀ 56 ਵੱਖ-ਵੱਖ ਕਲਾ ਅਤੇ ਸੱਭਿਆਚਾਰਕ ਵੰਨਗੀਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਉਦਘਾਟਨੀ ਸ਼ਬਦਾਂ ਵਿੱਚ ਕਿਹਾ ਕਿ ਯੁਵਕ ਮੇਲੇ ਮਹਿਜ਼ ਮੁਕਾਬਲਿਆਂ ਜਾਂ ਇਨਾਮਾਂ ਤੱਕ ਸੀਮਤ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੀ ਪ੍ਰਤਿਭਾ, ਸਿਰਜਣਾਤਮਕਤਾ ਅਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਦੇ ਮਹੱਤਵਪੂਰਨ ਮੰਚ ਹਨ।
ਮੁੱਖ ਮਹਿਮਾਨ ਪੰਮੀ ਬਾਈ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਲੋਕ ਕਲਾ, ਲੋਕ ਸੰਗੀਤ ਅਤੇ ਸੱਭਿਆਚਾਰਕ ਪਰੰਪਰਾਵਾਂ ਸਾਡੀ ਅਨਮੋਲ ਪੂੰਜੀ ਹਨ। ਇਨ੍ਹਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਿੱਟੀ, ਬੋਲੀ ਅਤੇ ਵਿਰਸੇ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਮੇਲੇ ਦੇ ਪਹਿਲੇ ਦਿਨ ਭੰਗੜੇ ਦੇ ਮੁਕਾਬਲਿਆਂ ਅਤੇ ਦਰਸ਼ਕਾਂ ਦੇ ਉਤਸ਼ਾਹ ਨੇ ਉਦਘਾਟਨ ਸਮਾਰੋਹ ਨੂੰ ਸਿਖਰ ’ਤੇ ਪਹੁੰਚਾਇਆ। ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਚਾਰ ਦਿਨ ਪੰਜ ਵੱਖ-ਵੱਖ ਮੰਚਾਂ ਉੱਤੇ ਸਮਾਨੰਤਰ ਚੱਲੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਸਮੂਹ ਸ਼ਬਦ, ਸ਼ਾਸਤਰੀ ਸੰਗੀਤ, ਕਲਾਸਿਕਲ ਨਾਚ, ਮਾਈਮ, ਭੰਡ, ਸਟੈਂਡ ਅਪ ਕਮੇਡੀ, ਮਿਮਿਕਰੀ, ਪੰਜਾਬੀ ਲੋਕਧਾਰਾ ਅਤੇ ਸਭਿਆਚਾਰ ਕੁਇਜ਼, ਪੰਜਾਬੀ ਮੁਹਾਵਰੇਦਾਰ ਵਾਰਤਾਲਾਪ, ਕਰੋਸ਼ੀਏ ਦੀ ਬੁਣਤੀ, ਨਾਲਾ ਬੁਣਨਾ, ਕਢਾਈ (ਬਾਗ), ਕਢਾਈ (ਫੁਲਕਾਰੀ), ਪੱਖੀ ਬਣਾਉਣਾ, ਗੁੱਡੀਆਂ ਪਟੋਲੇ ਬਣਾਉਣਾ, ਪਰਾਂਦਾ ਬਣਾਉਣਾ, ਰੱਸਾ ਵੱਟਣਾ, ਟੋਕਰੀ ਬਣਾਉਣਾ, ਛਿੱਕੂ ਬਣਾਉਣਾ, ਪੀੜੀ ਬੁਣਨੀ, ਮਿੱਟੀ ਦੇ ਖਿਡੌਣੇ, ਖਿੱਦੋ ਬਣਾਉਣਾ, ਇੰਨੂੰ ਬਣਾਉਣਾ ਆਦਿ ਦੇ ਮੁਕਾਬਲੇ ਹੋਏ।