ਫਰੀਡਮ ਫਾਈਟਰ ਪਰਿਵਾਰਾਂ ਨੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਕੀਤਾ ਐਲਾਨ
ਫਰੀਡਮ ਫਾਈਟਰ ਪਰਿਵਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਕੀਤਾ ਐਲਾਨ
Publish Date: Tue, 06 Jan 2026 05:24 PM (IST)
Updated Date: Tue, 06 Jan 2026 05:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਮਿੰਨੀ ਸਕੱਤਰੇਤ ਵਿਖੇ ਸਹਾਇਕ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਮੀਟਿੰਗ ਕੀਤੀ ਗਈ। ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਕਿਹਾ ਕਿ ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਫਰੀਡਮ ਫਾਈਟਰ ਪਰਿਵਾਰਾਂ ਦੇ ਮਸਲਿਆਂ ਨੂੰ ਬਿਨਾਂ ਹੱਲ ਕੀਤੇ ਹੀ ਹਾਜ਼ਰ ਹੋਏ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ 15 ਜਨਵਰੀ ਤੱਕ ਦਾ ਅਲਟੀਮੇਟਮ ਦਿੰਦੇ ਹੋਏ ਮੀਟਿੰਗ ਵਿਚ ਸ਼ਾਮਲ ਮੰਗਾਂ ਨੂੰ ਲਾਗੂ ਕਰਨ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਜੇਕਰ ਦੇਸ਼ ਭਗਤ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਨੂੰ ਗੰਭੀਰਤਾ ਨਾਲ ਵਿਚਾਰ ਕੇ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮਾਂ ਵਿੱਚ ਸਮੂਲੀਅਤ ਕਰਨ ਸਬੰਧੀ 15 ਜਨਵਰੀ ਤੋਂ ਬਾਅਦ ਸੂਬਾ ਕਮੇਟੀ ਵਲੋਂ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਸਹਾਇਕ ਕਮਿਸ਼ਨਰ ਜਨਰਲ ਸਿਮਰਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਦੇ ਨਾਂਮ ਮੈਮੋਰੰਡਮ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂਆਂ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਅਮਰਪ੍ਰੀਤ ਸਿੰਘ ਬੋਬੀ, ਪ੍ਰੀਤਮ ਸਿੰਘ ਮਾਨ,ਗੁਰਇੰਕਬਾਲ ਸਿੰਘ ਸੰਧੂ,ਰਾਜ ਕੁਮਾਰ ਡਕਾਲਾ, ਅਜੇ ਖੰਨਾ, ਕਮਲਦੀਪ ਸਿੰਘ ਗਿੱਲ ਪਰਮਜੀਤ ਸਿੰਘ , ਪ੍ਰਭਜੀਤ ਸਿੰਘ, ਵਰਿੰਦਰ ਧੀਮਾਨ, ਬਲਵਿੰਦਰ ਸਿੰਘ,ਹਰਦੀਪ ਸਿੰਘ, ਰਾਜਿੰਦਰ ਵਡੇਰਾ, ਰਘਬੀਰ ਸਿੰਘ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ , ਇੰਦਰਪਾਲ ਸਿੰਘ ਵਿਰਕ,ਨਰਿੰਦਰ ਸਿੰਘ ਆਦਿ ਹਾਜ਼ਰ ਹੋਏ।