ਫਰੀਡਮ ਫਾਈਟਰ ਪਰਿਵਾਰਾਂ ਨੂੰ ਅਣਗੌਲਿਆ ਕਰ ਰਹੀ ਸਰਕਾਰ : ਧਾਲੀਵਾਲ
ਫਰੀਡਮ ਫਾਈਟਰ ਪਰਿਵਾਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਸਰਕਾਰ: ਧਾਲੀਵਾਲ
Publish Date: Wed, 01 Apr 2026 04:28 PM (IST)
Updated Date: Wed, 01 Apr 2026 04:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਦੀ ਵੰਡ ਸਮੇਂ ਵੱਖ ਵੱਖ ਅੰਦੋਲਨਾਂ ਵਿੱਚ ਆਪਣਾਂ ਵਡਮੁੱਲਾ ਯੋਗਦਾਨ ਪਾਉਣ ਵਾਲੇ, ਆਪਣੀਆ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਨੂੰ ਸੂਬਾ ਸਰਕਾਰ ਵੱਲੋਂ ਅਣਗੋਲਿਆਂ ਕੀਤਾ ਜਾ ਰਿਹਾ ਹੈ। ਦੇਸ਼ ਭਗਤ ਪਰਿਵਾਰਾਂ ਦੀ ਭਲਾਈ ਲਈ ਕੰਮ ਕਰ ਰਹੀ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਜ਼ਿਲ੍ਹਾ ਜਥੇਬੰਦੀ ਪਟਿਆਲਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਵੱਧ ਦਾ ਸਮਾਂ ਬੀਤਣ ਉਪਰੰਤ ਵੀ ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਜਥੇਬੰਦੀ ਦੀ ਸੂਬਾ ਪੱਧਰੀ ਕਮੇਟੀ ਵਲੋਂ ਪਿਛਲੇ ਸਾਲਾਂ ਦੋਰਾਨ ਅਨੇਕਾਂ ਪੈਨਲ ਮੀਟਿੰਗਾ ਕੀਤੀਆਂ ਗਈਆਂ ਹਨ। ਮੀਟਿੰਗਾਂ ਦੌਰਾਨ ਕੁੱਝ ਸਨਮਾਨ ਸਹੂਲਤਾਂ ਲਾਗੂ ਕਰਨ ਦੀ ਸਹਿਮਤੀ ਬਣਨ ਉਪਰੰਤ ਵੀ ਇਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ। ਦੇਸ਼ ਭਗਤਾਂ ਦੇ ਨਾਮ ਹੇਠ ਸੱਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਵਲੋਂ ਆਪਣੇ ਹੀ ਕਾਰਜਕਾਲ ਦੌਰਾਨ ਦੇਸ਼ ਭਗਤਾਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਬਜ਼ੁਰਗਾਂ ਦੀ ਬਦੌਲਤ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀ ਹੋਂਦ ਬਚਾਉਣ ਖਾਤਰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਸੂਬਾ ਜਥੇਬੰਦੀ ਵਲੋਂ ਸਨਮਾਨ ਸਹੂਲਤਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ।