ਪੀੜਤ ਕਿਸਾਨਾਂ ਲਈ 300 ਕੁਇੰਟਲ ਕਣਕ ਇਕੱਠੀ ਕਰਕੇ ਭੇਜੀ ਜਾਵੇ : ਜਥੇਦਾਰ ਗੜ੍ਹੀ
ਪੀੜਤ ਕਿਸਾਨਾਂ ਲਈ 300 ਕੁਇੰਟਲ ਕਣਕ ਇਕੱਠੀ ਕਰਕੇ ਭੇਜੀ ਜਾਵੇ: ਜਥੇਦਾਰ ਗੜ੍ਹੀ
Publish Date: Fri, 10 Apr 2026 04:46 PM (IST)
Updated Date: Fri, 10 Apr 2026 04:50 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਅਰਵਿੰਦਰ ਪਾਲ ਸਿੰਘ ਰਾਜੂ ਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਮੀਟਿੰਗ ਸੱਦੀ ਗਈ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਪਹੁੰਚੇ। ਇਸ ਮੌਕੇ ਜਥੇਦਾਰ ਗੜ੍ਹੀ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸੂਬੇ ਅੰਦਰ ਪਏ ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਜਿੱਥੇ ਪੰਜਾਬ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਕਿਸਾਨਾਂ ਦੀ ਕਣਕ ਦੀ ਫਸਲ ਖਰਾਬ ਹੋ ਗਈ ਹੈ ਜਿਸ ਲਈ ਉਹ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਦੀ ਮੰਗ ਕਰਦਿਆਂ ਹੋਇਆਂ ਪੀੜਤ ਕਿਸਾਨਾਂ ਨੂੰ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਕਰਦੇ ਹਨ। ਜਥੇਦਾਰ ਗੜ੍ਹੀ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਜਦੋਂ ਪੰਜਾਬ ਸੂਬੇ ਅੰਦਰ ਹੜ੍ਹਾਂ ਦੇ ਕਾਰਨ ਲੋਕਾਂ ਦਾ ਆਰਥਿਕ ਨੁਕਸਾਨ ਹੋਇਆ ਸੀ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸੂਬੇ ਦੇ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਉਨ੍ਹਾਂ ਨੂੰ ਕਣਕ, ਪਸ਼ੂਆਂ ਦੇ ਲਈ ਚਾਰਾਂ, ਤੂੜੀ ਤੋਂ ਇਲਾਵਾ ਕਿਸਾਨਾਂ ਨੂੰ ਡੀਜ਼ਲ ਵੀ ਮੁਹੱਈਆ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਮੇਂ ਸਮੇਂ ਪੀੜਤ ਲੋਕਾਂ ਦੀ ਬਾਂਹ ਫੜੀ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜੇ ਕਿਸਾਨਾਂ ਅਤੇ ਪਰਿਵਾਰਾਂ ਦੀ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਖਰਾਬ ਹੋ ਗਈ ਹੈ ਨੂੰ ਆਪਣੇ ਪੱਧਰ ਉੱਤੇ ਕਣਕ ਮੁਹਈਆ ਕਰਵਾਉਣ ਦੀ ਮੁਹਿੰਮ ਚਲਾਈ ਹੈ। ਉਨ੍ਹਾਂ ਦੱਸਿਆ ਕਿ ਹਲਕਾ ਰਾਜਪੁਰਾ ਤੋਂ ਪੀੜਿਤ ਪਰਿਵਾਰਾਂ ਦੇ ਲਈ 300 ਕੁਇੰਟਲ ਕਣਕ ਮਦਦ ਦੇ ਲਈ ਭੇਜੀ ਜਾਵੇਗੀ। ਉਨ੍ਹਾਂ ਨੇ ਹਲਕਾ ਰਾਜਪੁਰਾ ਦੇ ਸਮੂਹ ਕਿਸਾਨ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਕਣਕ ਆਪਣੇ ਪੱਧਰ ਉੱਤੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਇਕੱਤਰ ਕਰਨ ਤਾਂ ਜੋ ਕਿਸਾਨਾਂ ਵੱਲੋਂ ਇਕੱਤਰ ਕੀਤੀ ਗਈ ਕਣਕ ਨੂੰ ਪੀੜਤ ਕਿਸਾਨਾਂ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਦੇ ਲਈ ਸਮੇਂ ਸਿਰ ਭੇਜਿਆ ਜਾ ਸਕੇ। ਇਸ ਮੌਕੇ ਅਕਾਲੀ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ, ਕੁਲਵਿੰਦਰ ਸਿੰਘ ਕਾਲੋਮਾਜਰਾ, ਸੁਰਿੰਦਰ ਸਿੰਘ ਘੁਮਾਣਾ, ਤਰਲੋਕ ਸਿੰਘ, ਜੋਗਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।