8 ਤੋਂ 14 ਮਾਰਚ ਤੱਕ ਮਨਾਇਆ ਜਾ ਰਿਹੈ ਵਿਸ਼ਵ ਗਲੋਕੋਮਾ ਹਫ਼ਤਾ
8 ਤੋਂ 14 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫਤਾ
Publish Date: Mon, 09 Mar 2026 04:39 PM (IST)
Updated Date: Mon, 09 Mar 2026 04:42 PM (IST)

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ.ਕੁਸ਼ਲਦੀਪ ਕੌਰ ਦੀ ਅਗਵਾਈ ’ਚ ਸਾਰੇ ਸਰਕਾਰੀ ਸੰਸਥਾਵਾਂ ’ਚ ਵਿਸ਼ਵ ਗਲੋਕੋਮਾ ਹਫ਼ਤਾ 8 ਤੋਂ 14 ਮਾਰਚ ਤੱਕ ਮਨਾਇਆ ਜਾ ਰਿਹਾ ਹੈ।ਇਸ ਵਾਰੀ ਦਾ ਥੀਮ ਹੈ ਗਲੋਕੋਮਾ ਮੁਕਤ ਸੰਸਾਰ ਲਈ ਇੱਕਜੁੱਟ ਹੋਈਏ। ਜਿਸ ਤਹਿਤ ਅੱਖਾਂ ਦੀ ਵਿਸ਼ੇਸ਼ ਜਾਂਚ ਲਈ ਜ਼ਿਲ੍ਹਾ ਤੇ ਸਬ ਡਵੀਜ਼ਨ ਹਸਪਤਾਲਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਵਿਸ਼ੇਸ਼ ਹਫਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਭਾਰਤ ’ਚ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾ ’ਚੋਂ ਇੱਕ ਅਹਿਮ ਕਾਰਨ ਹੈ ਅਤੇ ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ਼ਾਂ ਨੂੰ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਇਹ ਗੱਲ ਡਾ.ਕੁਸਲਦੀਪ ਕੌਰ ਨੇ ਆਮ ਲੋਕਾਂ ਨੂੰ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਜਾਣਕਾਰੀ ਦਿੰਦਿਆ ਹੋਏ ਕਹੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਣ ਤੇ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੂਗਰ, ਬਲੱਡ ਪ੍ਰੈੱਸ਼ਰ, ਅਲਰਜੀ, ਦਮਾ, ਚਮੜੀ ਰੋਗਾਂ ਨਾਲ ਪੀੜਤ ਮਰੀਜ਼ ਸਟੀਰਾਇਡ ਦੀ ਵਰਤੋਂ ਕਰਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਕਾਲਾ ਮੋਤੀਆਂ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗਲੋਕੋਮਾ ’ਚ ਅੱਖਾਂ ਦੀ ਨਸ (ਆਪਟਿਕ ਨਰਵ) ਖਰਾਬ ਹੋ ਜਾਂਦੀ ਹੈ ਇਸ ਲਈ ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ’ਚ ਦਰਦ ਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਕਾਲੇ ਮੋਤੀਏ ਦੇ ਲੱਛਣ ਹਨ। ਅਜਿਹੇ ਲੱਛਣ/ਚਿੰਨ੍ਹ ਦਿਖਾਈ ਦੇਣ ਤੇ ਆਪਣੀਆਂ ਅੱਖਾਂ ਦਾ ਦਬਾਅ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਸਮੇਂ ਸਿਰ ਬਚਿਆ ਜਾ ਸਕੇ।