- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੱਲਦਾ ਵਹੀਰ ’ਚ ਜਿਥੇ ਧਰਮ ਪ੍ਰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਹੋਣਗੇ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸੰਗਤਾਂ ਤੱਕ ਲਿਜਾਇਆ ਜਾਵੇਗਾ।

ਸਟਾਫ ਰਿਪੋਰਟਰ, ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਮਾਲਵਾ ਜ਼ੋਨ ਦੇ ਪ੍ਰਚਾਰਕਾਂ ਦੀ ਇਕੱਤਰਤਾ ਕੀਤੀ ਗਈ ਤਾਂ ਜੋ ਮਾਲਵਾ ਜ਼ੋਨ ਅੰਦਰ 'ਚੱਲਦਾ ਵਹੀਰ’ ਰਾਹੀਂ ਗੁਰਮਤਿ ਸਮਾਗਮ ਕਰਵਾ ਕੇ ਧਰਮ ਪ੍ਰਚਾਰ ਪਸਾਰ ਦੀ ਲਹਿਰ ਨੂੰ ਵਧੇਰੇ ਪ੍ਰਚੰਡ ਕੀਤਾ ਜਾ ਸਕੇ। ਇਸ ਦੌਰਾਨ ਉਚੇਚੇ ਤੌਰ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ 'ਚ ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਬੀਬੀ ਪਰਮਜੀਤ ਕੌਰ ਭੰਗੂ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਅਤੇ ਮਾਲਵ ਜ਼ੋਨ ਦੇ ਪ੍ਰਚਾਰਕਾਂ ਦੇ ਇੰਚਾਰਜ ਭੋਲਾ ਸਿੰਘ ਵੀ ਪੁੱਜੇ ਹੋਏ ਸਨ।
ਸੰਬੋਧਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੱਲਦਾ ਵਹੀਰ ’ਚ ਜਿਥੇ ਧਰਮ ਪ੍ਰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਹੋਣਗੇ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸੰਗਤਾਂ ਤੱਕ ਲਿਜਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਕੁਝ ਅਜਿਹੀਆਂ ਤਾਕਤਾਂ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਅੰਦਰ ਅੰਦੂਰਨੀ ਦਖਲ ਦੇਣਾ ਚਾਹੁੰਦੀਆਂ, ਜਿਨ੍ਹਾਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਕਤੀਆਂ ਦਾ ਏਜੰਡਾ ਸਿੱਖ ਕੌਮ ਅੰਦਰ ਦੁਬਿਧਾ ਪੈਦਾ ਕਰਨਾ, ਗੁਰਬਾਣੀ ਤੋਂ ਦੂਰ ਕਰਨਾ ਅਤੇ ਬੇਅਦਬੀ ਵਰਗੇ ਅਜਿਹੇ ਕਾਨੂੰਨ ਲਿਆ ਕੇ ਬਾਣੀ ਦਾ ਅਦਬ, ਸਤਿਕਾਰ ਅਤੇ ਮਰਿਆਦਾ ਪ੍ਰਤੀ ਭਰਮ ਭੁਲੇਖੇ ਪੈਦਾ ਕਰਨਾ ਹੈ, ਜਿਨ੍ਹਾਂ ਦਾ ਮੁਕਾਬਲਾ ਪ੍ਰਚਾਰਕਾਂ ਨੂੰ ਗੁਰਮਤਿ ਦੀ ਰੌਸ਼ਨੀ 'ਚ ਕਰਨਾ ਹੋਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਸ ਇਕੱਤਰਤਾ ਵਿਚ ਦੀਰਘ ਵਿਚਾਰਾਂ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਜਲਦ ਤਾਰੀਕਾਂ ਦਾ ਐਲਾਨ ਕਰਕੇ ਇਸ ਧਰਮ ਪ੍ਰਚਾਰ ਚੱਲਦਾ ਵਹੀਰ ਨੂੰ ਪੂਰੇ ਪੰਜਾਬ ਭਰ ਅੰਦਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰਕ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਜਿਹਾ ਸੰਦੇਸ਼ ਸੰਗਤਾਂ ਤਕ ਪਹੁੰਚਾਉਣ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉਚ ਹੈ, ਜਿਸ ਦਾ ਵਿਲੱਖਣ ਸਿਧਾਂਤ ਹੈ, ਜਿਸ ਪ੍ਰਤੀ ਸੰਗਤਾਂ ਨੂੰ ਵੱਧ ਤੋਂ ਵੱਧ ਸੁਚੇਤ ਕੀਤਾ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਭਵਿੱਖ ਵਿਚ ਚੱਲਦਾ ਵਹੀਰ ਦੇ ਨਾਲ ਨਾਲ ਧਰਮ ਪ੍ਰਚਾਰ ਅੰਮ੍ਰਿਤ ਸੰਚਾਰ ਲਹਿਰ ਨੂੰ ਵੀ ਪ੍ਰਚੰਡ ਕੀਤਾ ਜਾਵੇਗਾ।
ਇਸ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਧਰਮ ਪ੍ਰਚਾਰ ਦੀ ਇਸ ਮੁਹਿੰਮ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਸੰਗਤ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਿਧਾਂਤ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।