ਰਾਜਗੜ੍ਹ ’ਚ ਬਾਈਕ ਸਵਾਰਾਂ ਨੇ ਪਰਵਾਸੀ ਮਜ਼ਦੂਰ ਨੂੰ ਮਾਰੀਆਂ ਗੋਲ਼ੀਆਂ, ਜ਼ਖ਼ਮੀ
ਰਾਜਗੜ੍ਹ ਵਿੱਚ ਚਿੱਟੇ ਦਿਨ ਗੋਲੀਆਂ ਦੀ ਗੂੰਜ- ਪ੍ਰਵਾਸੀ ਮਜਦੂਰ ਜਖਮੀ
Publish Date: Fri, 27 Feb 2026 06:58 PM (IST)
Updated Date: Sat, 28 Feb 2026 04:04 AM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਘਨੌਰ : ਪੰਜਾਬ ’ਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦਿਆਂ ਅਣਪਛਾਤਿਆਂ ਨੇ ਚਿੱਟੇ ਦਿਨ ਗੋਲ਼ੀਆਂ ਚਲਾ ਕੇ ਇਕ ਪਰਵਾਸੀ ਮਜ਼ਦੂਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਰਾਜਗੜ੍ਹ ਨੇੜੇ ਇੱਕ ਨਿੱਜੀ ਹੋਟਲ ਸਾਹਮਣੇ ਵਾਪਰੀ, ਜਿੱਥੇ ਤਿੰਨ ਮੋਟਰਸਾਈਕਲ ਸਵਾਰਾਂ ਨੇ ਯੋਜਨਾਬੱਧ ਢੰਗ ਨਾਲ ਹਮਲਾ ਕੀਤਾ ਤੇ ਮੌਕੇ ਤੋਂ ਫ਼ਰਾਰ ਹੋ ਗਏ। ਪਿੰਡ ਵਾਸੀਆਂ ਮੁਤਾਬਕ ਘਟਨਾ ਸਵੇਰੇ ਲਗਪਗ ਸਾਢੇ ਨੌਂ ਵਜੇ ਵਾਪਰੀ। ਜ਼ਖ਼ਮੀ ਵਿਅਕਤੀ ਦੀ ਪਛਾਣ ਪਾਰਸ (42) ਵਜੋਂ ਹੋਈ ਹੈ, ਜੋ ਪਿੰਡ ’ਚ ਕਿਰਾਏ ’ਤੇ ਰਹਿੰਦਾ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਨੇੜਲੇ ਵੇਅਰ ਹਾਊਸ ’ਚ ਮਜ਼ਦੂਰੀ ਕਰ ਰਿਹਾ ਸੀ। ਉਹ ਰੋਜ਼ਾਨਾ ਵਾਂਗ ਆਪਣੇ ਕੰਮ ’ਤੇ ਜਾ ਰਿਹਾ ਸੀ ਕਿ ਤਿੰਨ ਮੋਟਰਸਾਈਕਲ ਸਵਾਰ, ਜਿਨ੍ਹਾਂ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ, ਨੇ ਉਸ ’ਤੇ ਤਿੰਨ ਗੋਲ਼ੀਆਂ ਚਲਾਈਆਂ। ਗੋਲ਼ੀਆਂ ਲੱਗਣ ਨਾਲ ਪਾਰਸ ਜ਼ਮੀਨ ’ਤੇ ਡਿੱਗ ਪਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਤੁਰੰਤ ਜ਼ਖ਼ਮੀ ਨੂੰ ਅੰਬਾਲਾ ਦੇ ਹਸਪਤਾਲ ਪਹੁੰਚਾਇਆ, ਜਿੱਥੋਂ ਨਾਜ਼ੁਕ ਹਾਲਤ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਵੱਲੋਂ ਉਸ ਦਾ ਇਲਾਜ ਜਾਰੀ ਹੈ। ਥਾਣਾ ਸ਼ੰਭੂ ਦੇ ਐੱਸਐੱਚਓ ਸਵਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਦੇ ਹੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਡੀਐੱਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ ਤੇ ਹਮਲਾ ਕਰ ਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪਿੰਡ ਰਾਜਗੜ੍ਹ ਦੇ ਸਰਪੰਚ ਪਰਗਟ ਸਿੰਘ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ’ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।