ਸਬ ਤਹਿਸੀਲ ਘਨੌਰ ਨੂੰ ਮਿਲਿਆ ਨਵਾਂ ਨਾਇਬ ਤਹਿਸੀਲਦਾਰ
ਸਬ ਤਹਿਸੀਲ ਘਨੌਰ ਨੂੰ ਮਿਲਿਆ ਨਵਾਂ ਨਾਇਬ ਤਹਿਸੀਲਦਾਰ
Publish Date: Wed, 18 Mar 2026 05:46 PM (IST)
Updated Date: Wed, 18 Mar 2026 05:49 PM (IST)

ਕਰਮਵੀਰ ਸਿੰਘ ਮਰਦਾਂਪੁਰ, •ਪੰਜਾਬੀ ਜਾਗਰਣ, •ਘਨੌਰ : ਸਬ ਤਹਿਸੀਲ ਘਨੌਰ ’ਚ ਕਾਫੀ ਸਮੇਂ ਤੋਂ ਨਾਇਬ ਤਹਿਸੀਲਦਾਰ ਦੀ ਅਸਾਮੀ ਖਾਲੀ ਪਈ ਹੋਣ ਕਾਰਨ ਲੋਕਾਂ ਨੂੰ ਕਈ ਪ੍ਰਸ਼ਾਸਨਿਕ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੇ ਸਬੰਧ ਅਦਾਰਾ ‘ਪੰਜਾਬੀ ਜਾਗਰਣ’ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਉਭਾਰਿਆ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸਬ ਤਹਿਸੀਲ ਘਨੌਰ ’ਚ ਨਾਇਬ ਤਹਿਸੀਲਦਾਰ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਵਧੀਕ ਮੁੱਖ ਸਕੱਤਰ ਕਮ ਕਮਿਸ਼ਨਰ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਹੁਕਮਾਂ ਅਨੁਸਾਰ ਬਲਜੀਤ ਸਿੰਘ ਨੂੰ ਸਬ ਤਹਿਸੀਲ ਘਨੌਰ ਵਿਖੇ ਨਾਇਬ ਤਹਿਸੀਲਦਾਰ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਜਾਰੀ ਹੋਣ ਤੋਂ ਬਾਅਦ ਬਲਜੀਤ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਨਾਇਬ ਤਹਿਸੀਲਦਾਰ ਬਲਜੀਤ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਨਿਭਾਉਣਗੇ ਤੇ ਸਬ ਤਹਿਸੀਲ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਤਰਜੀਹ ਦੇ ਅਧਾਰ ’ਤੇ ਨਿਪਟਾਏ ਜਾਣਗੇ। ਉਨ੍ਹਾਂ ਕਿਹਾ ਕਿ ਦਫ਼ਤਰ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਲਾਕੇ ਦੇ ਲੋਕਾਂ ਨੇ ਵੀ ਸਬ ਤਹਿਸੀਲ ਘਨੌਰ ਵਿਚ ਨਾਇਬ ਤਹਿਸੀਲਦਾਰ ਦੀ ਤਾਇਨਾਤੀ ਹੋਣ ’ਤੇ ਸੰਤੁਸ਼ਟੀ ਜਤਾਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਅਸਾਮੀ ਖਾਲੀ ਹੋਣ ਕਾਰਨ ਰਜਿਸਟਰੀਆਂ, ਇੰਤਕਾਲਾਂ ਅਤੇ ਹੋਰ ਮਾਲ ਵਿਭਾਗ ਨਾਲ ਸੰਬੰਧਤ ਕੰਮ ਲੰਬੇ ਸਮੇਂ ਤੱਕ ਲਟਕ ਰਹੇ ਸਨ। ਹੁਣ ਨਵੇਂ ਨਾਇਬ ਤਹਿਸੀਲਦਾਰ ਦੀ ਤਾਇਨਾਤੀ ਨਾਲ ਲੋਕਾਂ ਦੇ ਕੰਮ ਤੇਜ਼ੀ ਨਾਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।