
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਹੋਈ ਤਾਂ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹੇਗਾ: ਸੁਖਬੀਰ ਸਿੰਘ ਬਾਦਲ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਅਨਾਜ ਮੰਡੀ ਘਨੌਰ ਵਿਖੇ ਹਲਕਾ ਘਨੌਰ ਦੇ ਇੰਚਾਰਜ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਪੰਜਾਬ ਬਚਾਓ ਰੈਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਤੇ ਘਨੌਰ ਹਲਕੇ ਲਈ ਕਈ ਵੱਡੇ ਐਲਾਨ ਕੀਤੇ। ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਅਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘਨੌਰ ਹਲਕੇ ਨੂੰ ਹੜ੍ਹਾਂ ਦੀ ਸਮੱਸਿਆ ਤੋਂ ਮੁਕਤ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਡੈਮ ਦੀ ਤਰਜ਼ ’ਤੇ ਪੱਕਾ ਕਰਕੇ ਹੜ੍ਹਾਂ ਤੋਂ ਸਥਾਈ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਪ੍ਰਾਈਵੇਟ ਕੰਪਨੀਆਂ ਅਤੇ ਫੈਕਟਰੀਆਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਕਰਨ ਦੀ ਨੀਤੀ ਬਣਾਈ ਜਾਵੇਗੀ। ਕਿਸਾਨਾਂ ਦੇ ਬਕਾਇਆ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਫਸਲੀ ਨੁਕਸਾਨ ਦੀ 100 ਫੀਸਦੀ ਭਰਪਾਈ ਲਈ ਨੀਤੀ ਬਣਾਈ ਜਾਵੇਗੀ। ਬਾਦਲ ਨੇ ਕਿਹਾ ਕਿ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਬਿਨਾਂ ਵਿਆਜ 10 ਲੱਖ ਰੁਪਏ ਤੱਕ ਕਰਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਅਕਾਲੀ ਦਲ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੇਗਾ। ਪਾਰਟੀ ਦੇ ਖ਼ਜ਼ਾਨਚੀ ਐਨ.ਕੇ. ਸ਼ਰਮਾ ਨੇ ਕਿਹਾ ਕਿ ਘਨੌਰ ਰੈਲੀ ਵਿਚ ਹੋਇਆ ਵੱਡਾ ਇਕੱਠ ਲੋਕਾਂ ਦੇ ਅਕਾਲੀ ਦਲ ਪ੍ਰਤੀ ਵਧਦੇ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਾਲਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਂਦਾ ਜਾਵੇਗਾ। ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ,ਪਤਨੀ ਤੇ ਭੈਣ ਟੈਂਕਾਂ ਜਿੱਡੀਆਂ ਗੱਡੀਆਂ ਵਿਚ ਸਰਕਾਰੀ ਸੁਰੱਖਿਆ ਲੈ ਕੇ ਘੁੰਮ ਰਹੀਆਂ ਹਨ। ਇੰਨੀ ਗੱਡੀਆਂ ਮਾਸਟਰ ਮਹਿੰਦਰ ਸਿੰਘ ਦੀ ਪੈਨਸ਼ਨ ਨਾਲ ਤਾਂ ਨਹੀਂ ਚਲ ਸਕਦੀਆਂ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰੈਲੀ ਵਿਚ ਹੋਇਆ ਭਰਵਾਂ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ ਅਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਘਨੌਰ ਹਲਕੇ ਵਿੱਚ ਉਦਯੋਗਿਕ ਇਕਾਈਆਂ ਕਾਰਨ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਦਾ ਮੁੱਦਾ ਗੰਭੀਰ ਬਣ ਰਿਹਾ ਹੈ, ਜਦਕਿ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਲੋੜੀਂਦੇ ਮੌਕੇ ਨਹੀਂ ਮਿਲ ਰਹੇ। ਉਨ੍ਹਾਂ ਘਨੌਰ ਦੇ ਸਰਕਾਰੀ ਹਸਪਤਾਲ ਦੀ ਸਥਿਤੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਲੋਕਾਂ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਘਨੌਰ ਦਾ ਹਸਪਤਾਲ ਰੈਫਰ ਹਸਪਤਾਲ ਦੇ ਨਾਮ ਨਾਲ ਮਸਹੂਰ ਹੋ ਚੁੱਕਾ ਹੈ। ਝਿੰਜਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਹਨ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਖਜ਼ਾਨਚੀ ਐਨ.ਕੇ. ਸ਼ਰਮਾ, ਸੂਬਾ ਮੀਤ ਪ੍ਰਧਾਨ ਜਸਮੇਰ ਸਿੰਘ ਲਾਛੜੂ, ਪਾਰਟੀ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਿਤ ਰਾਠੀ, ਬਾਬੂ ਕਬੀਰ ਦਾਸ, ਮਰਦਾਂਪੁਰ ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ,ਸੁਖਚੈਨ ਸਿੰਘ,ਜਸਵੀਰ ਸਿੰਘ ਜੱਸੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।