
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਕਾਲਜ ਲੜਕੀਆਂ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਤੇ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਮੋਹਿਤ ਕੌਸ਼ਲ, ਸਹਾਇਕ ‘ਸਵਿਪ’ ਨੋਡਲ ਅਫਸਰ, ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਉਪਲਬਧ ਆਫਲਾਈਨ ਅਤੇ ਆਨਲਾਈਨ ਸਹੂਲਤਾਂ, ਵੋਟਰ ਹੈਲਪਲਾਈਨ ਨੰਬਰ 1950 ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਮੋਬਾਈਲ ਐਪਸ ਅਤੇ ਡਿਜੀਟਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਾਲਜ ਦੀ ‘ਸਵਿਪ’ ਨੋਡਲ ਅਫਸਰ ਮਿਸ ਨਵਜੋਤ ਕੌਰ ਅਤੇ ਕੈਂਪਸ ਅੰਬੈਸਡਰਾਂ ਵੱਲੋਂ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸਮਝਾਉਣ ਲਈ ਡਿਜੀਟਲ ਪ੍ਰਸਤੁਤੀਆਂ ਵੀ ਦਿੱਤੀਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਯੋਗ ਵਿਦਿਆਰਥੀਆਂ ਨੂੰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀਐਲਓ ਵਿਨੋਦ ਕੁਮਾਰ ਅਤੇ ਸ਼ਿਰਪਾ ਰਾਣੀ ਵੀ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐੱਸਆਈਆਰ ਤੇ ਵੋਟਰ ਰਜਿਸਟ੍ਰੇਸ਼ਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਕੈਂਪ ਵਿਚ ਲਗਭਗ 150 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੋਣ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਦਿਆਂ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ ।