ਭਾਰਤੀ ਸੰਵਿਧਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ : ਡਾ. ਸੁਖਪਾਲ ਖਾਲਸਾ ਗਰਲਜ਼ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ
Publish Date: Fri, 27 Nov 2026 05:21 PM (IST)
Updated Date: Fri, 27 Nov 2026 05:22 PM (IST)
ਫੋਟੋ 27ਪੀਟੀਐੱਲ- 19 -ਖਾਲਸਾ ਗਰਲਜ਼ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਧਾਮੋਮਾਜਰਾ ਪਟਿਆਲਾ ਵਿਖੇ ਐੱਨਐੱਸਐੱਸ ਵਿਭਾਗ ਤੇ ਸਵੀਪ ਗਰੁੱਪ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਵਿਚ ਦਰਜ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਡਾ. ਬੀ. ਆਰ. ਅੰਬੇਡਕਰ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਵਿਸ਼ੇਸ਼ ਬੁਲਾਰੇ ਵਜੋਂ ਪਹੁੰਚੇ ਡਾ. ਸੁਖਪਾਲ ਕੌਰ (ਸਹਾਇਕ ਪ੍ਰੋਫੈਸਰ, ਰਾਜਨੀਤੀ ਵਿਗਿਆਨ ਵਿਭਾਗ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ) ਨੇ ਸੰਵਿਧਾਨ ਦੇ 76 ਸਾਲ: ਡਾ. ਬੀ. ਆਰ. ਅੰਬੇਡਕਰ ਦੀ ਸੰਵਿਧਾਨਕ ਸੋਚ ਅਤੇ ਭਾਰਤੀ ਲੋਕਤੰਤਰ ਦਾ ਭਵਿੱਖ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਡਾ. ਅੰਬੇਡਕਰ ਦੇ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਤੇ ਆਧਾਰਿਤ ਸਮਾਜ ਦੀ ਸਥਾਪਨਾ ਦੇ ਸੁਪਨੇ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇੱਕ ਕਾਨੂੰਨੀ ਦਸਤਾਵੇਜ਼ ਹੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅੰਤ ’ਚ ਸਮੂਹ ਵਿਦਿਆਰਥਣਾਂ ਅਤੇ ਸਟਾਫ਼ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਸਮੂਹਿਕ ਤੌਰ ’ਤੇ ਪੜ੍ਹਿਆ ਗਿਆ ਅਤੇ ਸਾਰਿਆਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ ਜਾਂ ਦਬਾਅ ਦੇ, ਸੋਚ-ਸਮਝ ਕੇ ਅਤੇ ਜ਼ਿੰਮੇਵਾਰ ਨਾਲ ਕਰਨਗੇ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਗੁਰਵਿੰਦਰ ਕੌਰ (ਨੋਡਲ ਅਫ਼ਸਰ) ਵੱਲੋਂ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਗਿਆ।