ਸੀਬੀਆਈ ਜਾਂਚ ਕਰ ਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ : ਧਾਲੀਵਾਲ ਸੀਬੀਆਈ ਜਾਂਚ ਕਰਕੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰੇ ਸਰਕਾਰ: ਧਾਲੀਵਾਲ
Publish Date: Thu, 22 Oct 2026 04:49 PM (IST)
Updated Date: Thu, 22 Oct 2026 04:51 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਗਰਮ ਆਗੂ ਵਿਪੀ ਸਿੰਘ ਧਾਲੀਵਾਲ (ਯੂਐੱਸਏ) ਨੇ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਧਾਲੀਵਾਲ ਨੇ ਦੋਸ਼ ਲਗਾਇਆ ਕਿ ਇਸ ਘਟਨਾ ਲਈ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਨੀਤੀ ਅਤੇ ਕਾਨੂੰਨ ਵਿਵਸਥਾ ਦੀ ਨਾਕਾਮੀ ਜ਼ਿੰਮੇਵਾਰ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਵੱਲੋਂ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਅਤੇ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਉਣ ਦੀ ਮੰਗ ਦੇ ਸੰਦਰਭ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਭਰੋਸਾ ਦੇਣ ’ਤੇ ਧੰਨਵਾਦ ਕੀਤਾ। ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੈਮਿਸਟ ਦੁਕਾਨਾਂ ਦੀ ਆੜ ਵਿੱਚ ਕਥਿਤ ਤੌਰ ’ਤੇ ਨਸ਼ੇ ਵੇਚਣ ਵਾਲਿਆਂ ਅਤੇ ਸ਼ਰੇਆਮ ਚਿੱਟਾ ਵੇਚਣ ਵਾਲੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਤੇ ਨਕੇਲ ਕੱਸਣ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।