ਖਨੌਰੀ ’ਚ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ ਖਨੌਰੀ ’ਚ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
Publish Date: Wed, 25 Nov 2026 03:38 PM (IST)
Updated Date: Thu, 26 Nov 2026 04:01 AM (IST)
ਪੰਜ ਪਿਆਰਿਆਂ ਨੇ ਕੀਤੀ ਨਗਰ ਕੀਰਤਨ ਦੀ ਅਗਵਾਈ, ਸੰਗਤਾਂ ਲਈ ਲਾਏ ਵੱਖ-ਵੱਖ ਤਰ੍ਹਾਂ ਦੇ ਲੰਗਰ ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਖਨੌਰੀ ਵਿਖੇ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ) ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ। ਨਗਰ ਕੀਰਤਨ ਦਾ ਸ਼ਹਿਰ ਵਿੱਚ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਏ ਗਏ। ਇਸ ਤੋਂ ਪਹਿਲਾਂ ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਵੇਰੇ ਤੜਕਸਾਰ ਭਾਈ ਰਛਪਾਲ ਸਿੰਘ ਅਤੇ ਦਿਲਬਾਗ ਸਿੰਘ ਦੇ ਜਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ, ਜਦਕਿ ਕਥਾਵਾਚਕ ਭਾਈ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਪਵਿੱਤਰ ਸਿੰਘ ਜੀ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਧਾਰਮਿਕ ਸਮਾਗਮਾਂ ਤੇ ਪ੍ਰਭਾਤ ਫੇਰੀ ਦੌਰਾਨ ਸੇਵਾ ਨਿਭਾਉਣ ਵਾਲੇ ਰਾਗੀ ਜਥਿਆਂ, ਕਥਾਵਾਚਕਾਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਆਰੰਭ ਹੋਇਆ। ਫੁੱਲਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਨਗਰ ਕੀਰਤਨ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੱਤਕਾ ਅਖਾੜਾ ਖਨੌਰੀ ਦੇ ਸਿੰਘਾਂ ਨੇ ਗੱਤਕੇ ਦੇ ਦਿਲਕਸ਼ ਅਤੇ ਹੈਰਾਨੀਜਨਕ ਜੌਹਰ ਦਿਖਾ ਕੇ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਰਸਤਿਆਂ ਵਿੱਚ ਸੰਗਤਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਕਈ ਥਾਵਾਂ ’ਤੇ ਚਾਹ, ਪਕੌੜਿਆਂ, ਮਠਿਆਈਆਂ ਅਤੇ ਹੋਰ ਪਦਾਰਥਾਂ ਦੇ ਲੰਗਰ ਲਗਾ ਕੇ ਸੇਵਾ ਨਿਭਾਈ ਗਈ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ, ਟਰੱਕ ਮਾਰਕੀਟ ਅਤੇ ਖਨੌਰੀ ਪਿੰਡ ਵਿੱਚੋਂ ਹੁੰਦਾ ਹੋਇਆ ਪਿੰਡ ਰੋਡ ’ਤੇ ਪਹੁੰਚਿਆ। ਇੱਥੇ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਧਾਮ ਖਨੌਰੀ ਦੀ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਪ੍ਰਸ਼ਾਦ ਦੀ ਸੇਵਾ ਕੀਤੀ ਗਈ। ਇਸ ਤੋਂ ਬਾਅਦ ਨਗਰ ਕੀਰਤਨ ਮੁੜ ਮੁੱਖ ਬਾਜ਼ਾਰ, ਕੈਥਲ ਰੋਡ ਅਤੇ ਨਰਵਾਣਾ ਰੋਡ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।