ਕੈਂਪਸ ’ਚ ਹਰਿਆਲੀ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰੇਗੀ ਗ੍ਰਾਂਟ: ਡਾ. ਜਗਦੀਪ
ਪੰਜਾਬੀ ਯੂਨੀਵਰਸਿਟੀ ਨੂੰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪ੍ਰਾਪਤ ਹੋਈ ਗ੍ਰਾਂਟ
Publish Date: Fri, 09 Jan 2026 05:50 PM (IST)
Updated Date: Fri, 09 Jan 2026 05:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪੰਜਾਬੀ ਯੂਨੀਵਰਸਿਟੀ ਨੂੰ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਤਹਿਤ ਚੱਲ ਰਹੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਈ. ਈ.ਪੀ. ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਇੱਕ ਅਹਿਮ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ। ਇਹ ਗ੍ਰਾਂਟ ਯੂਨੀਵਰਸਿਟੀ ਵੱਲੋਂ ਵਾਤਾਵਰਣ ਜਾਗਰੂਕਤਾ ਨੂੰ ਉਤਸਾਹਿਤ ਕਰਨ, ਵਾਤਾਵਰਣ-ਕੇਂਦਰਿਤ ਗਤੀਵਿਧੀਆਂ ਨੂੰ ਲਾਗੂ ਕਰਨ ਅਤੇ ਆਪਣੇ ਕੈਂਪਸ ਤੇ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਹਰਿਆਲੀ ਸਬੰਧੀ ਲੀਡਰਸ਼ਿਪ ਨੂੰ ਵਧਾਉਣ ਲਈ ਕੀਤੇ ਨਿਰੰਤਰ ਯਤਨਾਂ ਦੀ ਪ੍ਰਸ਼ੰਸ਼ਾ ਵਜੋਂ ਦਿੱਤੀ ਗਈ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦਾ ਇਸ ਗ੍ਰਾਂਟ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨਾਲ਼ ਜੁੜੀਆਂ ਗਤੀਵਿਧੀਆਂ ’ਤੇ ਨਿਰੰਤਰ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਲੋੜ ਹੈ। ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ, ਜੋ ਈ.ਈ.ਪੀ. ਨੂੰ ਲਾਗੂ ਕਰਨ ਲਈ ਨੋਡਲ ਕੋਆਰਡੀਨੇਟਰ ਵੀ ਹਨ, ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਯੂਨੀਵਰਸਿਟੀ ਦੇ ਈਕੋ-ਕਲੱਬਾਂ ਵੱਲੋਂ ਆਉਣ ਵਾਲੇ ਮਹੀਨਿਆਂ ਵਿੱਚ ਵਿਦਿਆਰਥੀਆਂ ਦੀ ਅਗਵਾਈ ਵਾਲ਼ੀਆਂ ਕਈ ਹਰਿਆਲੀ ਮੁਹਿੰਮਾਂ ਅਤੇ ਵਰਕਸ਼ਾਪਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਵਾਤਾਵਰਣ ਨਾਲ਼ ਸਬੰਧਤ ਗੰਭੀਰ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਹਿੱਸਾ ਲੈਣ ਲਈ ਹੋਰ ਪ੍ਰੇਰਿਤ ਕੀਤਾ ਜਾਵੇਗਾ।