ਨਸ਼ਾ ਮੁਕਤੀ ਲਈ ਗੁਰੂ ਦੀ ਬਾਣੀ ਬਣ ਸਕਦੀ ਵੱਡਾ ਸਹਾਰਾ : ਰਟੋਲ/ ਜੱਸੀ ਨਸ਼ਾ ਮੁਕਤੀ ਲਈ ਗੁਰੂ ਦੀ ਬਾਣੀ ਬਣ ਸਕਦੀ ਹੈ ਵੱਡਾ ਸਹਾਰਾ: ਰਟੋਲ/ ਜੱਸੀ
Publish Date: Sun, 25 Oct 2026 04:33 PM (IST)
Updated Date: Mon, 26 Oct 2026 04:01 AM (IST)
.ਕਾਲਾਬੂਲਾ ਵਿੱਚ ‘ਨੌਜਵਾਨ ਬਚਾਓ, ਪੰਜਾਬ ਬਚਾਓ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ/ਸ਼ੇਰਪੁਰ : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਜਿੱਥੇ ਸਮਾਜਿਕ ਜਾਗਰੂਕਤਾ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੋੜ ਹੈ, ਉੱਥੇ ਹੀ ਗੁਰੂ ਸਾਹਿਬਾਨ ਦੀ ਬਾਣੀ ਵੀ ਨੌਜਵਾਨਾਂ ਨੂੰ ਸਹੀ ਜੀਵਨ ਜਾਂਚ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਇਹ ਵਿਚਾਰ ਸਰਬੱਤ ਦਾ ਭਲਾ ਮਿਸ਼ਨ (ਪੰਜਾਬ) ਦੇ ਆਗੂਆਂ ਨੇ ਪਿੰਡ ਕਾਲਾਬੂਲਾ ਦੇ ਗੁਰਦੁਆਰਾ ਸਾਹਿਬ ਵਿਖੇ ‘ਨੌਜਵਾਨ ਬਚਾਓ, ਪੰਜਾਬ ਬਚਾਓ’ ਮੁਹਿੰਮ ਤਹਿਤ ਕਰਵਾਏ ਚੌਥੇ ਸਮਾਗਮ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਮਿਸ਼ਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਰਟੋਲ, ਸਮਾਜ ਸੇਵੀ ਭਾਨ ਸਿੰਘ ਜੱਸੀ ਪੇਧਨੀ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪਸਾਰ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਸੂਬੇ ਦੀ ਨੌਜਵਾਨੀ ਦਾ ਵੱਡਾ ਹਿੱਸਾ ਆਪਣੀ ਜ਼ਿੰਦਗੀ ਅਤੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਨਾ ਕਰਨ ਤਾਂ ਇਸ ਦੇ ਸਿੱਟੇ ਹੋਰ ਵੀ ਗੰਭੀਰ ਹੋ ਸਕਦੇ ਹਨ। ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਗੁਰਬਾਣੀ ਨੌਜਵਾਨਾਂ ਨੂੰ ਨੈਤਿਕ ਕਦਰਾਂ-ਕੀਮਤਾਂ, ਸੰਜਮ ਅਤੇ ਸਹੀ ਜੀਵਨ ਜਾਚ ਨਾਲ ਜੋੜਨ ਦਾ ਵੱਡਾ ਸਾਧਨ ਬਣ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਮਿਸ਼ਨ ਦੇ ਸਲਾਹਕਾਰ ਭਗਵਾਨ ਸਿੰਘ, ਜਰਨੈਲ ਸਿੰਘ ਕਾਲਾਬੂਲਾ, ਮਹਿੰਦਰ ਸਿੰਘ ਭੱਠਲ, ਜਥੇਦਾਰ ਅਵਤਾਰ ਸਿੰਘ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਤਪਾਲ ਸਿੰਘ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ, ਖ਼ਜ਼ਾਨਚੀ ਸਤਿਗੁਰ ਸਿੰਘ, ਫ਼ੌਜੀ ਰਾਮ ਸਿੰਘ, ਫ਼ੌਜੀ ਗੁਰਜੰਟ ਸਿੰਘ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਨਸ਼ਾ ਛੁਡਾਊ ਕਮੇਟੀ ਦੇ ਆਗੂ ਕਰਮਜੀਤ ਸਿੰਘ ਕੰਮਾਂ, ਹਾਕਮ ਸਿੰਘ, ਰਣਧੀਰ ਸਿੰਘ ਬਿੰਨੜ ਅਤੇ ਪ੍ਰੇਮ ਸਿੰਘ ਹਾਜ਼ਰ ਸਨ।