- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੀਪ ਸਿੰਘ ਉਂਟਸਰ ਨੇ ਰਾਜਪੁਰਾ ਹਲਕੇ ਤੋਂ ਕਾਂਗਰਸ ਦੀ ਟਿਕਟ ਲਈ ਠੋਕੀ ਦਾਅਵੇਦਾਰੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਰਾਜਪੁਰਾ ’ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਪਾਰਟੀ ’ਚ ਟਿਕਟ ਦੇ ਦਾਅਵੇਦਾਰਾਂ ਦੀ ਗਿਣਤੀ ਵਧ ਰਹੀ ਹੈ। ਇਸੇ ਕੜੀ ਤਹਿਤ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਉਂਟਸਰ ਨੇ ਵੀ ਰਾਜਪੁਰਾ ਤੋਂ ਪਾਰਟੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਕਰੀਬ ਤਿੰਨ ਦਹਾਕਿਆਂ ਤੋਂ ਰਾਜਨੀਤੀ ’ਚ ਸਰਗਰਮ ਗੁਰਦੀਪ ਸਿੰਘ ਉਂਟਸਰ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਨੇ 1977 ਅਤੇ 1980 ਵਿੱਚ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਗੁਰਦੀਪ ਸਿੰਘ ਨੇ ਪਟੇਲ ਸਕੂਲ ਤੋਂ ਮੁੱਢਲੀ ਸਿੱਖਿਆ ਅਤੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ। ਆਪਣੇ ਸਿਆਸੀ ਸਫ਼ਰ ਦੌਰਾਨ ਉਹ 2008 ਤੋਂ 2013 ਤੱਕ ਪਿੰਡ ਉਂਟਸਰ ਦੇ ਸਰਪੰਚ, 2010 ਤੋਂ 2018 ਤੱਕ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ, 2011 ਤੋਂ 2014 ਤੱਕ ਲੋਕ ਸਭਾ ਪਟਿਆਲਾ ਯੂਥ ਕਾਂਗਰਸ ਦੇ ਪ੍ਰਧਾਨ ਅਤੇ 2018 ਤੋਂ 2022 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਰਹੇ ਹਨ। ਸਾਲ 2020 ਤੋਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।
ਇਸ ਤੋਂ ਇਲਾਵਾ ਉਹ ਪਟੇਲ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਨ ਅਤੇ ਸਮਾਜਿਕ ਤੇ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਹਨ। ਉਨ੍ਹਾਂ ਨੂੰ ਚੋਣ ਪ੍ਰਚਾਰ ਅਤੇ ਜਥੇਬੰਦਕ ਕੰਮਾਂ ਦਾ ਵੀ ਲੰਮਾ ਤਜਰਬਾ ਹੈ। ਗੁਰਦੀਪ ਸਿੰਘ ਉਂਟਸਰ ਨੇ ਆਪਣੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਤਜਰਬੇ ਨੂੰ ਟਿਕਟ ਦੀ ਦਾਅਵੇਦਾਰੀ ਦਾ ਆਧਾਰ ਦੱਸਿਆ ਹੈ। ਉਨ੍ਹਾਂ ਦੀ ਦਾਅਵੇਦਾਰੀ ਨਾਲ ਰਾਜਪੁਰਾ ਕਾਂਗਰਸ ਦੀ ਸਿਆਸਤ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਲਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ, ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਰਾਜਪੁਰਾ ਦਾ ਵਿਕਾਸ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ।