ਪਿੰਡ ਮਗਰ ਸਾਹਿਬ 'ਦੀ ਕੋਆਪਰੇਟਿਵ ਸੁਸਾਇਟੀ' ਦੀ ਚੋਣ ਸਰਬਸੰਮਤੀ ਨਾਲ ਹੋਈ ਸੰਪੰਨ
ਮਗਰ ਸਾਹਿਬ 'ਦੀ ਕੋਆਪਰੇਟਿਵ ਸੁਸਾਇਟੀ' ਦੀ ਚੋਣ ਸਰਬਸੰਮਤੀ ਨਾਲ ਹੋਈ ਸੰਪੰਨ
Publish Date: Fri, 13 Mar 2026 06:22 PM (IST)
Updated Date: Fri, 13 Mar 2026 06:24 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਹਲਕਾ ਸਨੌਰ ਦੇ ਪਿੰਡ ਮਗਰ ਸਾਹਿਬ ਵਿਖੇ ਦੀ ਕੋਆਪਰੇਟਿਵ ਸੁਸਾਇਟੀ ਦੀ ਚੋਣ ਅੱਜ ਪੂਰਨ ਤੌਰ ਤੇ ਸਰਬਸੰਮਤੀ ਨਾਲ ਨੇਪਰੇ ਚੜ੍ਹੀ। ਇਸ ਚੋਣ ਪ੍ਰਕਿਰਿਆ ਦੌਰਾਨ ਪਿੰਡ ਵਾਸੀਆਂ ਅਤੇ ਸਭਾ ਦੇ ਮੈਂਬਰਾਂ ਨੇ ਆਪਸੀ ਸਹਿਮਤੀ ਨਾਲ ਨਵੀਂ ਲੀਡਰਸ਼ਿਪ ਦੀ ਚੋਣ ਕਰਕੇ ਮਿਸਾਲ ਪੈਦਾ ਕੀਤੀ ਹੈ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਦੱਸਣਯੋਗ ਹੈ ਕਿ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਸੁਖਦੇਵ ਸਿੰਘ ਨੂੰ ਪ੍ਰਧਾਨ, ਗੁਰਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਰਾਜਵੀਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਸਭਾ ਦੇ ਸਮੂਹ ਮੈਂਬਰਾਂ ਦੀ ਵੀ ਚੋਣ ਕੀਤੀ ਗਈ, ਜੋ ਆਉਣ ਵਾਲੇ ਸਮੇਂ ਵਿੱਚ ਸਭਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਗੇ। ਇਸ ਮੌਕੇ ਬੋਲਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਟੀਚਾ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਕਿਸਾਨਾਂ ਨੂੰ ਖਾਦਾਂ, ਬੀਜਾਂ ਅਤੇ ਕਰਜ਼ਿਆਂ ਸਬੰਧੀ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੋਣਾਂ ਹੋਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕਾਂ ਵਿੱਚ ਆਪਸੀ ਪਿਆਰ ਵਧਿਆ ਹੈ ਅਤੇ ਉਹ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਚੁਣੀ ਗਈ ਟੀਮ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਿਆਂ ਸਭਾ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।ਨਵੇਂ ਚੁਣੇ ਗਏ ਪ੍ਰਧਾਨ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ, ਵਿਸ਼ੇਸ਼ ਤੌਰ ਤੇ ਮੌਜੂਦ ਸਨ।